Articles Culture

“ਆਈ ਵਿਸਾਖੀ-ਆਈ ਵਿਸਾਖੀ, ਖੁਸ਼ੀਆਂ ਨਾਲ ਲਿਆਈ ਵਿਸਾਖੀ” !

ਵਿਸਾਖੀ ਦਾ ਤਿਓਹਾਰ ਪੰਜਾਬ ਲਈ ਸਿਰਫ ਧਾਰਮਿਕ ਅਹਿਮੀਅਤ ਹੀ ਨਹੀਂ ਰੱਖਦਾ ਸਗੋਂ ਇਸ ਦੀ ਆਰਥਿਕ ਤੌਰ ‘ਤੇ ਵੀ ਕਾਫੀ ਅਹਿਮੀਅਤ ਹੈ। ਇਸ ਦਿਨ ਹੀ ਪੰਜਾਬ ਵਿਚ ਰਸਮੀ ਤੌਰ ‘ਤੇ ਕਣਕ ਦੀ ਵਾਢੀ ਸ਼ੁਰੂ ਹੁੰਦੀ ਹੈ। ਖੇਤਾਂ ਵਿੱਚ ਸੋਨੇ ਰੰਗੀਆਂ, ਲਹਿਰਾਉਂਦੀਆਂ, ਪੱਕੀਆਂ ਕਣਕਾਂ ਦੇਖ ਕੇ ਕਿਸਾਨ ਆਪਣੀ ਮਿਹਨਤ ਦੇ ਮੁੱਲ ਨੂੰ ਪੈਂਦਾ ਦੇਖਦੇ ਹਨ।
ਭਾਰਤ ਮੇਲਿਆਂ ਤੇ ਤਿਉਹਾਰਾਂ ਦਾ ਦੇਸ਼ ਹੈ। ਇਨ੍ਹਾਂ ਦਾ ਮਨੁੱਖੀ ਜੀਵਨ ਨਾਲ ਅਨਿੱਖੜਵਾਂ ਸਬੰਧ ਹੈ। ਤਿਉਹਾਰ ਮਨੁੱਖੀ ਜੀਵਨ ‘ਚ ਖ਼ੁਸੀਆਂ, ਖੇੜੇ ਤੇ ਉਤਸ਼ਾਹ ਭਰਦੇ ਹਨ। ਪੰਜਾਬੀ ਸੱਭਿਆਚਾਰ, ਇਤਿਹਾਸ ਤੇ ਧਾਰਮਿਕ ਵਿਰਸੇ ਨਾਲ ਜੁੜੇ ਮੇਲਿਆਂ ਵਿਚੋਂ ਵਿਸਾਖੀ ਦੇ ਤਿਉਹਾਰ ਦੀ ਅਹਿਮ ਥਾਂ ਹੈ। ਇਹ ਹਾੜੀ ਦੀ ਫ਼ਸਲ ਨਾਲ ਜੁੜਿਆ ਵਾਢੀ ਦਾ ਤਿਉਹਾਰ ਹੈ। ਖੇਤਾਂ ਵਿਚ ਪੱਕ ਚੁੱਕੀ ਸੋਨੇ ਰੰਗੀ ਕਣਕ ਦੀ ਫ਼ਸਲ ਨੂੰ ਦੇਖ ਕੇ ਕਿਸਾਨ ਆਪਣੇ ਸੁਪਨਿਆਂ ਨੂੰ ਹਕੀਕਤ ‘ਚ ਤਬਦੀਲ ਹੁੰਦਿਆਂ ਮਹਿਸੂਸ ਕਰਦਾ ਹੈ। ਮੌਸਮ ਨਾਲ ਸਬੰਧਤ ਹੋਣ ਕਰਕੇ ਚਿਰਾਂ ਤੋਂ ਇਹ ਪੰਜਾਬੀਆਂ ਦਾ ਸਰਵ-ਸਾਂÎਝਾ ਤਿਉਹਾਰ ਹੈ। ਪੰਜਾਬ ਅਤੇ ਹਰਿਆਣਾ ਦੇ ਕਿਸਾਨ ਸਰਦੀਆਂ ਦੀ ਫ਼ਸਲ ਕੱਟ ਲੈਣ ਤੋਂ ਬਾਅਦ ਨਵੇਂ ਸਾਲ ਦੀਆਂ ਖ਼ੁਸ਼ੀਆਂ ਮਨਾਉਂਦੇ ਹਨ।
ਵਿਸਾਖੀ’ ਸ਼ਬਦ ਵਿਸਾਖ ਤੋਂ ਬਣਿਆ ਹੈ। ਨਾਂ ਤੋਂ ਹੀ ਸਪਸ਼ਟ ਹੈ ਵਿਸਾਖੀ, ਦੇਸੀ ਮਹੀਨੇ ‘ਵਿਸਾਖ’ ਵਿਚ ਮਨਾਇਆ ਜਾਂਦਾ ਹੈ। ਵਿਸਾਖੀ ਦਾ ਨਾਂ ਸੁਣਦਿਆਂ ਹੀ ਦਿਮਾਗ਼ ‘ਚ ਪੰਜਾਬ ਦਾ ਗਿੱਧਾ ਤੇ ਭੰਗੜਾ ਅੱਖਾਂ ਸਾਹਮਣੇ ਆ ਜਾਂਦਾ ਹੈ। ਸੂਰਜ ਦੇ ਹਿਸਾਬ ਨਾਲ ਵਿਸਾਖ ਮਹੀਨੇ ਦੇ ਪਹਿਲੇ ਦਿਨ ਵਿਸਾਖੀ ਮਨਾਉਣ ਦੀ ਰਵਾਇਤ ਚੱਲੀ ਆਉਂਦੀ ਹੈ। ਇਸ ਤਿਉਹਾਰ ਨੂੰ ਆਮ ਤੌਰ ‘ਤੇ ‘ਫ਼ਸਲ ਦੀ ਕਟਾਈ’ ਦੇ ਨਾਂ ਵਜੋਂ ਵੀ ਜਾਣਿਆ ਜਾਂਦਾ ਹੈ। ਇਹ ਤਿਉਹਾਰ ਅਪ੍ਰੈਲ ਮਹੀਨੇ ਦੀ 13-14 ਤਰੀਕ ਨੂੰ ਮਨਾਇਆ ਜਾਂਦਾ ਹੈ। ਇਹ ‘ਸੌਰ ਵਰ੍ਹੇ’ ਦੇ ਆਰੰਭ ਦਾ ਵੀ ਪ੍ਰਤੀਕ ਹੈ। ਕਣਕ ਹਾੜੀ ਦੇ ਸੀਜ਼ਨ ਦੀ ਮੁੱਖ ਫ਼ਸਲ ਹੈ, ਇਹ ਇਸ ਸਮੇਂ ਪੱਕ ਕੇ ਤਿਆਰ ਹੋ ਜਾਂਦੀ ਹੈ। ਜੋਬਨ ‘ਤੇ ਆਈ ਕਣਕ ਦੀ ਫ਼ਸਲ ਦੇ ਸੁਨਹਿਰੀ ਸਿੱਟੇ ਜਦੋਂ ਹਵਾ ਵਿਚ ਝੂਮਦੇ ਹਨ ਤਾਂ ਕਿਸਾਨ ਦਾ ਮਨ ਖਿੜ ਉੱਠਦਾ ਹੈ, ਜਿਸ ਕਰਕੇ ਉਹ ਆਪ ਮੁਹਾਰੇ ਹੀ ਨੱਚ ਉੱਠਦਾ ਹੈ। ਇਸ ਦਿਨ ਪੰਜਾਬ ਦਾ ਕਿਸਾਨ ਆਪਣੀ ਪੱਕੀ ਫ਼ਸਲ ਨੂੰ ਵੇਖ ਕੇ ਆਨੰਦਿਤ ਹੁੰਦਾ ਹੈ ਤੇ ਕਣਕ ਦੀ ਫ਼ਸਲ ਨੂੰ ਵੱਢਣ ਦੀ ਸ਼ੁਰੂਆਤ ਕਰਦਾ ਹੈ। ਇਸ ਦਿਨ ਫ਼ਸਲ ਨੂੰ ਦਾਤੀ ਪਾਉਣ ਦਾ ਸ਼ਗਨ ਕੀਤਾ ਜਾਂਦਾ ਹੈ। ਭਰਪੂਰ ਫ਼ਸਲ ਦੀ ਪ੍ਰਾਪਤੀ ਲਈ ਸ਼ੁਕਰਾਨੇ ਵਜੋਂ”ਕਿਸਾਨ ਵਿਸਾਖੀ ਮਨਾਉਂਦੇ ਹਨ। ਢੋਲੀ ਢੋਲ ‘ਤੇ ਡਗਾ ਮਾਰਦਾ ਹੈ ਤੇ ਸਾਰੇ ਨੱਚ ਕੇ ਆਨੰਦ ਮਾਣਦੇ ਹਨ। । ਪੰਜਾਬ ਅਤੇ ਹਰਿਆਣੇ ਦੇ ਕਿਸਾਨ ਸਰਦੀਆਂ ਦੀ ਫਸਲ ਕੱਟ ਲੈਣ ਤੋਂ ਬਾਅਦ ਨਵੇਂ ਸਾਲ ਦੀਆਂ ਖੁਸ਼ੀਆਂ ਮਨਾਉਂਦੇ ਹਨ। ਇਸ ਲਈ ਵਿਸਾਖੀ ਪੰਜਾਬ ਅਤੇ ਆਸ-ਪਾਸ ਦੇ ਪ੍ਰਦੇਸਾਂ ਦਾ ਸਭ ਤੋਂ ਵੱਡਾ ਤਿਉਹਾਰ ਹੈ।ਇਹ ਖ਼ਰੀਫ਼ ਦੀ ਫਸਲ ਦੇ ਪੱਕਣ ਦੀ ਖੁਸ਼ੀ ਦਾ ਪ੍ਰਤੀਕ ਹੈ।
ਪੰਜਾਬੀ ਕਵੀ ਧਨੀ ਰਾਮ ਚਾਤ੍ਰਿਕ ਨੇ ‘ਵਿਸਾਖੀ ਦਾ ਮੇਲਾ’ ਕਵਿਤਾ ਵਿੱਚ ਪੰਜਾਬ ਦੀਆਂ ਫ਼ਸਲਾਂ ਅਤੇ ਸੱਭਿਆਚਾਰ ਦੇ ਰੰਗ ਨੂੰ ਇੰਝ ਬਿਆਨ ਕੀਤਾ ਹੈ।
ਤੂੜੀ ਤੰਦ ਸਾਂਭ ਹਾੜੀ ਵੇਚ ਵੱਟ ਕੇ,
ਲੰਬੜਾਂ ਤੇ ਸ਼ਾਹਾਂ ਦਾ ਹਿਸਾਬ ਕੱਟ ਕੇ,
ਸੰਮਾਂ ਵਾਲੀ ਡਾਗਾਂ ਉੱਤੇ ਤੇਲ ਲਾਇਕੇ,
ਕੱਛੇਮਾਰ ਵੰਝਲੀ ਅਨੰਦ ਛਾ ਗਿਆ, …।
ਵਿਸਾਖੀ ਦਾ ਤਿਉਹਾਰ ਕੇਵਲ ਪੰਜਾਬ ‘ਚ ਹੀ ਨਹੀਂ ਸਗੋਂ ਦੇਸ਼ਾਂ ਵਿਦੇਸ਼ਾਂ ‘ਚ ਵੱਡੇ ਪੱਧਰ ‘ਤੇ ਮਨਾਇਆ ਜਾਂਦਾ ਹੈ।ਇਸ ਦਿਨ ਪੰਜਾਬ ਦੇ ਵੱਖ-ਵੱਖ ਇਲਾਕਿਆ ‘ਚ ਮੇਲੇ ਲੱਗਦੇ ਹਨ ਅਤੇ ਅਤੇ ਲੋਕ ਖੁਸ਼ੀ-ਖੁਸ਼ੀ ਆਪਣੇ ਪਰਿਵਾਰ ਸਮੇਤ ਇਹਨਾਂ ਮੇਲਿਆਂ ਦਾ ਅਨੰਦ ਮਾਣਦੇ ਹਨ।ਇਸ ਦਿਨ ਪੰਜਾਬ ਦਾ ਪਰੰਪਰਾਗਤ ਨਾਚ ਭੰਗੜਾ ਅਤੇ ਗਿੱਧਾ ਕੀਤਾ ਜਾਂਦਾ ਹੈ।
ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਇਸ ਦਿਨ ਸਿੱਖਾਂ ਦੇ 10ਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ 1699 ਵਿੱਚ ਪਵਿੱਤਰ ਸ਼ਹਿਰ ਸ੍ਰੀ ਆਨੰਦਪੁਰ ਸਾਹਿਬ ਵਿਖੇ ਵੱਖ-ਵੱਖ ਜਾਤਾਂ ਨਾਲ ਸਬੰਧਤ ਪੰਜ ਪਿਆਰਿਆਂ ਨੂੰ ਅੰਮ੍ਰਿਤ ਛਕਾ ਕੇ ਖਾਲਸਾ ਪੰਥ ਦੀ ਸਾਜਨਾ ਕੀਤੀ ਸੀ।
13 ਅਪ੍ਰੈਲ 1699 ਨੂੰ ਦਸਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਜੀ ਨੇ ਅਨੰਦਪੁਰ ਸਾਹਿਬ ਵਿਖੇ ਭਾਰੀ ਇਕੱਠ ਕਰ ਕੇ ਖ਼ਾਲਸਾ ਪੰਥ ਦੀ ਸਿਰਜਣਾ ਕੀਤੀ ਸੀ। ਉਨ੍ਹਾਂ ਪੰਡਾਲ ‘ਚੋਂ ਪੰਜ ਸਿਰਾਂ ਦੀ ਮੰਗ ਕੀਤੀ। ਪੰਜ ਸਿਦਕੀ ਯੋਧੇ ਭਾਈ ਦਯਾ ਰਾਮ, ਭਾਈ ਧਰਮ ਦਾਸ, ਭਾਈ ਮੋਹਕਮ ਚੰਦ, ਭਾਈ ਹਿੰਮਤ ਰਾਏ ਤੇ ਭਾਈ ਸਾਹਿਬ ਚੰਦ ਹਾਜ਼ਰ ਹੋਏ। ਉਨ੍ਹਾਂ ਪੰਜ ਪਿਆਰਿਆਂ ਨੂੰ ਅੰਮ੍ਰਿਤ ਛਕਾ ਕੇ ਅਤੇ ਉਨ੍ਹਾਂ ਹੱਥੋਂ ਖ਼ੁਦ ਅੰਮ੍ਰਿਤ ਛਕ ਕੇ ਗੋਬਿੰਦ ਰਾਇ ਤੋਂ ਗੋਬਿੰਦ ਸਿੰਘ ਬਣ ਕੇ ਖਾਲਸਾ ਪੰਥ ਦੀ ਨੀਂਹ ਰੱਖੀ। ਗੁਰੂ ਜੀ ਨੇ ਕਿਹਾ ਕਿ ‘ਖ਼ਾਲਸਾ ਗੁਰੂ ਵਿਚ ਹੈ ਅਤੇ ਗੁਰੂ ਖ਼ਾਲਸੇ ਵਿਚ।’ ਇਸ ਦਿਨ ਤੋਂ ਵਿਸਾਖੀ ਦਾ ਇਹ ਤਿਉਹਾਰ ਖ਼ਾਲਸਾ ਪੰਥ ਦੇ ਸਥਾਪਨਾ ਦਿਵਸ ਵਜੋਂ ਬੜੀ ਧੂਮ-ਧਾਮ ਨਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਇਆ ਜਾਂਦਾ ਹੈ।
ਸ੍ਰੀ ਗੁਰੂ ਅਮਰਦਾਸ ਜੀ ਨੇ 1539 ਈਸਵੀ ਨੂੰ ਵਿਸਾਖੀ ਦੇ ਸ਼ੁੱਭ ਦਿਹਾੜੇ ‘ਤੇ ਹੀ ਗੋਇੰਦਵਾਲ ਸਾਹਿਬ ਵਿਖੇ ਜੋੜ ਮੇਲਾ ਕਰਨ ਦੀ ਰੀਤ ਸ਼ੁਰੂ ਕੀਤੀ ਸੀ। ਲੰਗਰ ਪ੍ਰਥਾ ਸ਼ੁਰੂ ਕਰ ਕੇ ਜਾਤ-ਪਾਤ ਨੂੰ ਦੂਰ ਕਰਨ ਦਾ ਸੁਨੇਹਾ ਦਿੱਤਾ। ਭਾਵੇਂ ਵਿਸਾਖੀ ਦੇ ਤਿਉਹਾਰ ਦਾ ਸਬੰਧ ਕਣਕ ਦੀ ਫ਼ਸਲ ਦੇ ਪੱਕਣ ਨਾਲ ਹੈ ਪਰ ਇਸ ਦੀ ਇਤਿਹਾਸਕ ਮਹਾਨਤਾ ਕਰ ਕੇ ਇਸ ਦਿਨ ਦਾ ਮਹੱਤਵ ਹੋਰ ਵਧ ਜਾਂਦਾ ਹੈ।
ਇਸ ਦਿਨ ਇਸ ਦਿਨ ਲੋਕ ਗੁਰੂ ਘਰਾਂ ‘ਚ ਮੱਥਾ ਟੇਕਦੇ ਹਨ ਅਤੇ ਗੁਰੂ ਸਾਹਿਬ ਜੀ ਦਾ ਆਸ਼ੀਰਵਾਦ ਪ੍ਰਾਪਤ ਕਰਦੇ ਹਨ। ਪੰਜਾਬ ਦੇ ਵੱਖ-ਵੱਖ ਗੁਰੂ ਘਰਾਂ ‘ਚ ਧਾਰਮਿਕ ਸਮਾਗਮ ਅਤੇ ਨਗਰ ਕੀਰਤਨ ਵੀ ਸਜਾਏ ਜਾਂਦੇ ਹਨ। ਜਿਸ ‘ਚ ਵੱਡੀ ਗਿਣਤੀ ‘ਚ ਸੰਗਤਾਂ ਸ਼ਿਰਕਤ ਕਰਦੀਆਂ ਹਨ। ਤੁਹਾਨੂੰ ਦੱਸ ਦੇਈਏ ਕਿ ਇਸ ਦਿਨ ਦਸਤਾਰ ਦਿਵਸ ਵੀ ਮਨਾਇਆ ਜਾਂਦਾ ਹੈ।
ਸਾਕਾ ਜਲ੍ਹਿਆਂਵਾਲਾ ਬਾਗ਼
ਦੇਸ਼ ਭਰ ਵਿਚ ਵਿਸਾਖੀ ਪੁਰਬ ਜਿੱਥੇ ਪ੍ਰਾਚੀਨ ਇਤਿਹਾਸ, ਨਵੀਂ ਫ਼ਸਲ ਦੀ ਆਮਦ ਤੇ ਖ਼ਾਲਸਾ ਪੰਥ ਦੇ ਸਥਾਪਨਾ ਨਾਲ ਸਬੰਧਤ ਹੋਣ ਕਰਕੇ ਮਨਾਇਆ ਜਾਂਦਾ ਹੈ, ਉੱਥੇ ਇਸ ਨਾਲ ਅੰਮ੍ਰਿਤਸਰ ਦੇ ਜਲ੍ਹਿਆਂਵਾਲਾ ਬਾਗ਼ ਦਾ ਸਾਕਾ ਵੀ ਜੁੜਿਆ ਹੋਇਆ ਹੈ। ਅੱਜ ਇਸ ਸਾਕੇ ਨੂੰ ਪੂਰੇ ਸੌ ਸਾਲ ਹੋ ਚੁੱਕੇ ਹਨ। ਵਿਸਾਖੀ ਦਾ ਇਹ ਦਿਨ ਸਾਨੂੰ ਭਾਰਤ ਦੀ ਆਜ਼ਾਦੀ ਲਈ ਮਰ ਮਿਟਣ ਵਾਲ਼ੇ ਉਨ੍ਹਾਂ ਆਜ਼ਾਦੀ ਘੁਲਾਟੀਆਂ ਦੀ ਯਾਦ ਦਿਵਾਉਂਦਾ ਹੈ, ਜਿਨ੍ਹਾਂ ਨੇ ਦੇਸ਼ ਲਈ ਆਪਣੀਆਂ ਜਾਨਾਂ ਤਕ ਵਾਰ ਦਿੱਤੀਆਂ।
ਆਜ਼ਾਦੀ ਸੰਗਰਾਮ ‘ਚ ਸ਼ਾਮਲ ਲੋਕ ਬਰਾਤਨਵੀ ਸਰਕਾਰ ਵੱਲੋਂ ਲਾਗੂ ਕੀਤੇ ਰੋਲਟ ਐਕਟ ਦੇ ਵਿਰੋਧ ਵਿਚ ਥਾਂ-ਥਾਂ ਜਨਸਭਾਵਾਂ ਕਰ ਰਹੇ ਸਨ। ਅਜਿਹੀ ਹੀ ਇਕ ਜਨਸਭਾ 13 ਅਪ੍ਰੈਲ 1919 ਨੂੰ ਸ਼ਾਮ 4 ਵਜੇ ਜਲ੍ਹਿਆਂਵਾਲਾ ਬਾਗ਼ ਵਿਚ ਰੱਖੀ ਗਈ ਸੀ। ਇਥੇ ਜੁੜੇ ਲੋਕ ਆਪਣੇ ਆਗੂਆਂ ਡਾ. ਸੈਫ਼-ਉਦ-ਦੀਨ ਕਿਚਲੂ ਤੇ ਡਾ. ਸੱਤਿਆਪਾਲ ਦੀ ਗ੍ਰਿਫ਼ਤਾਰੀ ਦਾ ਵਿਰੋਧ ਕਰ ਰਹੇ ਸਨ। ਬਾਗ਼ ਵਿਚ ਜਾਣ ਤੇ ਬਾਹਰ ਨਿਕਲਣ ਲਈ ਸਿਰਫ਼ ਇਕ ਛੋਟਾ ਤੇ ਤੰਗ ਰਸਤਾ ਸੀ। ਇਸ ਮੌਕੇ ਬਰਤਾਨਵੀ ਸਰਕਾਰ ਵੱਲੋਂ ਜਨਰਲ ਡਾਇਰ ਨੂੰ ਕਮਾਂਡ ਸੰਭਾਲੀ ਗਈ ਸੀ। ਜਨਰਲ ਡਾਇਰ ਨੇ ਜਲ੍ਹਿਆਂਵਾਲਾ ਬਾਗ਼ ਵਿਖੇ ਹੋਣ ਵਾਲੇ ਜਲਸੇ ਉਪਰ ਪਾਬੰਦੀ ਲਗਾ ਦਿੱਤੀ। ਜਦੋਂ 4 ਵਜੇ ਵੱਡੀ ਗਿਣਤੀ ਵਿਚ ਲੋਕ ਜਲ੍ਹਿਆਂਵਾਲਾ ਬਾਗ਼ ਵਿਚ ਪਹੁੰਚ ਚੁੱਕੇ ਸਨ ਤਾਂ ਬਿਨਾਂ ਕਿਸੇ ਭੜਕਾਹਟ ਤੇ ਚਿਤਾਵਨੀ ਦੇ ਜਨਰਲ ਡਾਇਰ ਨੇ ਅੰਗਰੇਜ਼ ਸਰਕਾਰ ਵਿਰੁੱਧ ਲੋਕਾਂ ਵਿਚ ਉੱਠ ਰਹੀ ਵਿਰੋਧ ਦੀ ਲਾਟ ਨੂੰ ਬੁਝਾਉਣ ਤੇ ਆਜ਼ਾਦੀ ਸੰਗਰਾਮ ‘ਚ ਸ਼ਾਮਲ ਲੋਕਾਂ ਨੂੰ ਡਰਾਉਣ-ਧਮਕਾਉਣ ਦੇ ਮਕਸਦ ਨਾਲ ਇਕੱਤਰ ਲੋਕਾਂ ‘ਤੇ ਅੰਨ੍ਹੇਵਾਹ ਗੋਲੀਆਂ ਦਾ ਮੀਂਹ ਵਰ੍ਹਾ ਕੇ ਅਣਗਿਣਤ ਲੋਕਾਂ ਨੂੰ ਮਾਰ ਦਿੱਤਾ। ਕਈ ਲੋਕਾਂ ਨੇ ਖੂਹ ਵਿਚ ਛਾਲ ਮਾਰ ਦਿੱਤੀ। ਇਸੇ ਲਈ ਜਲ੍ਹਿਆਂਵਾਲਾ ਬਾਗ਼ ਵਿਚ ਬਣੇ ਖੂਹ ਨੂੰ ‘ਖ਼ੂਨੀ ਖੂਹ’ ਵੀ ਕਿਹਾ ਜਾਂਦਾ ਹੈ। ਅੱਜ ਵੀ ਜਲ੍ਹਿਆਂਵਾਲਾ ਬਾਗ਼ ਵਿਚ ਗੋਲੀਆਂ ਦੇ ਨਿਸ਼ਾਨ ਹਨ। ਇਸ ਕਰਕੇ ਅੰਮ੍ਰਿਤਸਰ ਵਿਚ ਮਨਾਏ ਜਾਂਦੇ ਵਿਸਾਖੀ ਪੁਰਬ ਨੂੰ ਉਸ ‘ਖ਼ੂਨੀ ਸਾਕੇ’ ਦੀ ਯਾਦ ਵਜੋਂ ਵੀ ਮਨਾਇਆ ਜਾਂਦਾ ਹੈ। ਇਸ ਖ਼ੂਨੀ ਕਾਂਡ ‘ਚ ਸ਼ਹੀਦ ਹੋਏ ਲੋਕਾਂ ਨੂੰ ਸੱਚੀ ਸ਼ਰਧਾਂਜਲੀ ਇਹੀ ਹੋਵੇਗੀ ਕਿ ਅਸੀਂ ਪ੍ਰਣ ਕਰੀਏ ਕਿ ਅਜਿਹੇ ਗ਼ੈਰ-ਮਨੁੱਖੀ ਕਾਰੇ ਇਸ ਧਰਤੀ ‘ਤੇ ਮੁੜ ਕਦੇ ਨਾ ਵਾਪਰਨ। ਇਸ ਖ਼ੂਨੀ ਕਾਰੇ ਦਾ ਬਦਲਾ ਸ਼ਹੀਦ ਊਧਮ ਸਿੰਘ ਨੇ ਪੰਜਾਬ ਦੇ ਉਸ ਵੇਲੇ ਦੇ ਲੈਫਟੀਨੈਂਟ ਗਵਰਨਰ ਮਾਇਕਲ ਓਡਵਾਇਰ ਨੂੰ ਇੰਗਲੈਂਡ ‘ਚ ਮਾਰ ਕੇ ਲਿਆ।
 – ਰਾਜਿੰਦਰ ਰਾਣੀ ਪਿੰਡ ਗੰਢੂਆਂ ਜ਼ਿਲ੍ਹਾ ਸੰਗਰੂਰ

Related posts

ਪੰਜਾਬੀ ਸਿਨਮੇ ਦਾ ਯੁੱਗ-ਪੁਰਸ਼ – ਸਰਦਾਰ ਸੋਹੀ

admin

ਦੁਬਾਰਾ ਚੰਦਰਮਾ ‘ਤੇ ਉਤਰਨ ਦੀ ਤਿਆਰੀ

admin

ਸਹਾਰਾ ਲੱਭਦੀ ਜ਼ਿੰਦਗੀ !

admin