Punjab

“ਆਪ”ਸ਼ਹੀਦ ਭਗਤ ਸਿੰਘ ਤੇ ਬਾਬਾ ਸਾਹਿਬ ਅੰਬੇਡਕਰ ਵਰਗੇ ਰਾਸ਼ਟਰੀ ਸਹੀਦਾ ਤੇ ਨਾਇਕਾਂ ਦਾ ਅਪਮਾਨ ਕਰ ਰਹੀ ਹੈ : ਚੁੱਘ

ਚੰਡੀਗੜ੍ਹ –  ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਅੱਜ ‘ਆਪ’ ਸਰਕਾਰ ਦੇ ਮੰਤਰੀਆਂ ‘ਤੇ ਵਰ੍ਹਦਿਆਂ ਕਿਹਾ ਕਿ ਉਨ੍ਹਾਂ ਨੇ ਦਿੱਲੀ ਦੇ ਮੁਖਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਵਿਰੋਧ ਵਿੱਚ ਐਤਵਾਰ ਨੂੰ ਮੁੱਖਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਖਟਕੜਕਲਾਂ ਵਿੱਚ ਧਰਨਾ ਦਿੱਤਾ ਸੀ। ਆਮ ਆਦਮੀ ਪਾਰਟੀ ਆਪਣੇ ਆਗੂਆਂ ਵਿਰੁੱਧ ਭ੍ਰਿਸ਼ਟਾਚਾਰ ਦੇ ਕੇਸਾਂ ਨੂੰ ਬਹਾਦਰੀ ਭਰਿਆ ਕਾਰਨਾਮਾ ਦਿਖਾ ਕੇ ਹਮਦਰਦੀ ਹਾਸਲ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

ਤਰੁਣ ਚੁੱਘ ਵੱਲੋਂ ਜਾਰੀ ਆਪਣੇ ਬਿਆਨ ਵਿੱਚ ਕੇਜਰੀਵਾਲ ਦੀ ਅਗਵਾਈ ਵਿੱਚ ‘ਆਪ’ ਪਾਰਟੀ ਦੇ ਸੀਨੀਅਰ ਆਗੂਆਂ ਵੱਲੋਂ ਕੀਤੇ ਭ੍ਰਿਸ਼ਟਾਚਾਰ ਨੂੰ ਛੁਪਾਉਣ ਲਈ ਸ਼ਹੀਦ ਭਗਤ ਸਿੰਘ ਦਾ ਨਾਂ ਲੈ ਕੇ ‘ਆਪ’ ਦੇ ਮੁੱਖਮੰਤਰੀ ਅਤੇ ਮੰਤਰੀਆਂ ਦੀ ਸਖ਼ਤ ਸ਼ਬਦਾਂ ਵਿੱਚ ਘੋਰ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਸ਼ਹੀਦ ਭਗਤ ਸਿੰਘ ਦਾ ਵੱਡੇ ਪੱਧਰ ‘ਤੇ ਅਪਮਾਨ ਕੀਤਾ ਹੈ, ਜਿਸ ਲਈ ਦੇਸ਼ ਦੇ ਲੋਕ ‘ਆਪ’ ਆਗੂਆਂ ਨੂੰ ਕਦੇ ਮੁਆਫ਼ ਨਹੀਂ ਕਰਨਗੇI

ਚੁੱਘ ਨੇ ਕਿਹਾ ਕਿ ਦਿੱਲੀ ਵਿੱਚ ਸ਼ਰਾਬ ਨੀਤੀ ਘਪਲਾ ਉਦੋਂ ਹੋਇਆ ਜਦੋਂ ਕੇਜਰੀਵਾਲ ਸਰਕਾਰ ਦਿੱਲੀ ਅਤੇ ਪੰਜਾਬ ਵਿੱਚ ਸਿਹਤ ਕਲੀਨਿਕਾਂ ਦਾ ਢੰਡੋਰਾ ਪਿੱਟ ਰਹੀ ਸੀ। ਇਹ ਦਿੱਲੀ ਅਤੇ ਪੰਜਾਬ ਦੇ ਲੋਕਾਂ ਨਾਲ ਖੇਡਿਆ ਜਾ ਰਿਹਾ ਇੱਕ ਕਰੂਰ ਮਜ਼ਾਕ ਸੀ ਅਤੇ ਹੁਣ ‘ਆਪ’ ਆਗੂ ਖਟਕੜਕਲਾਂ ਵਿੱਚ ਦੇਸ਼ ਦੇ ਇੱਕ ਉੱਘੇ ਆਜ਼ਾਦੀ ਘੁਲਾਟੀਏ ਦੇ ਨਾਮ ਅਤੇ ਸ਼ਾਨ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਅਤੇ ਬਾਬਾ ਸਾਹਿਬ ਅੰਬੇਡਕਰ ਦੀਆਂ ਤਸਵੀਰਾਂ ਦੇ ਨਾਲ ਜੇਲ੍ਹ ਵਿੱਚ ਬੰਦ ਕੇਜਰੀਵਾਲ ਦੀਆਂ ਤਸਵੀਰਾਂ ਲਗਾਉਣਾ ਬਹੁਤ ਨਿੰਦਨਯੋਗ ਤੇ ਮੰਦਭਾਗਾ ਹੈ ਅਤੇ ਇਹ ਦੇਸ਼ ਦੇ ਨਾਇਕਾਂ,ਸ਼ਹੀਦਾਂ ਦਾ ਘੋਰ ਅਪਮਾਨ ਹੈ।

ਤਰੁਣ ਚੁੱਘ ਨੇ ਆਪਣੀ ਮੰਗ ਨੂੰ ਦੁਹਰਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਦੇ ਗ੍ਰਹਿ ਜਿਲੇ ਸੰਗਰੂਰ ਵਿੱਚ ਜ਼ਹਿਰੀਲੀ ਸ਼ਰਾਬ ਨਾਲ ਵਾਪਰੇ ਹਾਦਸੇ ਵਿੱਚ ਦੋ ਦਰਜਨ ਤੋਂ ਵੱਧ ਲੋਕਾਂ ਦੀ ਮੌਤ ਤੋਂ ਬਾਅਦ ਪੰਜਾਬ ਦੀ ਆਬਕਾਰੀ ਨੀਤੀ ਦੀ ਵੀ ਕੇਂਦਰੀ ਏਜੰਸੀ ਤੋਂ ਜਾਂਚ ਕਰਵਾਈ ਜਾਵੇ। ਚੁੱਘ ਨੇ ਪੰਜਾਬ ਦੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਕੀਤੀ ਜਾ ਰਹੀ ਬਲੈਕਮੇਲਿੰਗ ਦੇ ਜਾਲ ਵਿੱਚ ਨਾ ਫਸਣ ਤੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਮੂੰਹ ਨਾ ਲਗਾਉਣ ।

Related posts

ਉੱਤਰਾਖੰਡ ਵਿਖੇ ਹੋਈ 6ਵੀਂ ਨੈਸ਼ਨਲ ਕਰਾਸਬੋ ਸ਼ੂਟਿੰਗ ਚੈਂਪੀਅਨਸ਼ਿਪ ਦੀ ਟਰਾਫੀ ’ਤੇ ਪਟਿਆਲਾ ਦੇ ਬੱਚਿਆਂ ਨੇ ਕੀਤਾ ਕਬਜ਼ਾ

editor

ਪੰਜਾਬ ਸਰਕਾਰ ਨੇ  ਦੋ ਸਾਲਾਂ ਦੌਰਾਨ 70000 ਕਰੋੜ ਤੋ ਵੱਧ ਕਰਜ਼ਾ ਚੁੱਕਿਆ  ਕਿ ਸੂਬੇ ਵਿੱਚ ਵਿਤੀ ਐਮਰਜੈਂਸੀ ਵਾਲੇ ਹਾਲਾਤ ਪੈਦਾ ਹੋ ਗਏ : ਸੁਖਬੀਰ ਸਿੰਘ ਬਾਦਲ 

editor

ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮਾਸਟਰਮਾਈਂਡ ਇਕਬਾਲਪ੍ਰੀਤ ਬੁਚੀ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼; ਮੁੱਖ ਸੰਚਾਲਕ ਗੁਰਵਿੰਦਰ ਸ਼ੇਰਾ ਸਮੇਤ ਚਾਰ ਮੈਂਬਰ ਕਾਬੂ

editor