India

ਕੇਂਦਰ ਸਰਕਾਰ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ, ਰੋਜ਼ਗਾਰ ਵਿਚ ਵਾਧਾ ਕਰਨ, ਮਹਿੰਗਾਈ ’ਤੇ ਨਕੇਲ ਪਾਉਣ ਤੇ ਗਰੀਬਾਂ ਦੀ ਦਸ਼ਾ ਸੁਧਾਰਨ ਵਿਚ ਨਾਕਾਮ ਰਹੀ: ਹਰਸਿਮਰਤ ਕੌਰ ਬਾਦਲ

ਨਵੀਂ ਦਿੱਲੀ – ਸਾਬਕਾ ਕੇਂਦਰੀ ਮੰਤਰੀ ਤੇ ਬਠਿੰਡਾ ਦੇ ਐਮ ਪੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ, ਰੋਜ਼ਗਾਰ ਵਿਚ ਵਾਧਾ ਕਰਨ, ਮਹਿੰਗਾਈ ’ਤੇ ਨਕੇਲ ਪਾਉਣ ਅਤੇ ਗਰੀਬਾਂ ਤੇ ਦਬੇ ਕੁਚਲਿਆਂ ਦੀ ਦਸ਼ਾ ਸੁਧਾਰਨ ਵਿਚ ਨਾਕਾਮ ਰਹੀ ਹੈ।
ਸੰਸਦ ਵਿਚ ਰਾਸ਼ਟਰਪਤੀ ਦੇ ਸੰਬੋਧਨ ’ਤੇ ਬੋਲਦਿਆਂ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਭਾਵੇਂ ਰਾਸ਼ਟਰਪਤੀ ਨੇ ਜ਼ੋਰ ਦਿੱਤਾ ਹੈ ਕਿ ਕਿਸਾਨਾਂ, ਗਰੀਬਾਂ ਤੇ ਨੌਜਵਾਨਾਂ ਦੀ ਦਸ਼ਾ ਸੁਧਾਰਨ ’ਤੇ ਕੇਂਦਰ ਸਰਕਾਰ ਦਾ ਧਿਆਨ ਕੇਂਦਰਤ ਹੈ ਪਰ ਅੰਕੜੇ ਇਸ ਦਾਅਵੇ ਦੀ ਪੁਸ਼ਟੀ ਨਹੀਂ ਕਰਦੇ।
ਬਠਿੰਡਾ ਦੇ ਐਮ ਪੀ ਨੇ ਜ਼ੋਰ ਦੇ ਕੇ ਕਿਹਾ ਕਿ ਅੰਕੜੇ ਉਲਟ ਬੋਲ ਰਹੇ ਹਨ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੇ 2022 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦਾ ਵਾਅਦਾ ਕੀਤਾ ਸੀ ਪਰ ਇਹ ਵਾਅਦਾ ਹਾਲੇ ਤੱਕ ਪੂਰਾ ਨਹੀਂ ਹੋਇਆ। ਉਹਨਾਂ ਕਿਹਾ ਕਿ ਕੌਮੀ ਅੰਕੜਾ ਦਫਤਰ (ਐਨ ਐਸ ਓ) ਦੇ ਮੁਤਾਬਕ ਖੇਤੀਬਾੜੀ ਆਮਦਨ 2015 ਵਿਚ 8 ਹਜ਼ਾਰ ਰੁਪਏ ਪ੍ਰਤੀ ਮਹੀਨਾ ਸੀ ਜੋ 2019 ਵਿਚ ਵੱਧ ਕੇ 10 ਹਜ਼ਾਰ ਰੁਪਏ ਹੀ ਹੋਈ। ਉਹਨਾਂ ਕਿਹਾ ਕਿ ਇਹਨਾਂ ਅੰਕੜਿਆਂ ਦੇ ਮੁਤਾਬਕ ਇਸ ਦੌਰਾਨ ਕਿਸਾਨਾਂ ’ਤੇ ਕਰਜ਼ੇ ਵਿਚ 58 ਫੀਸਦੀ ਵਾਧਾ ਦਰਜ ਕੀਤਾ ਗਿਆ। ਉਹਨਾਂ ਕਿਹਾ ਕਿ 2021 ਵਿਚ 10880 ਕਿਸਾਨਾਂ ਨੇ ਖੁਦਕੁਸ਼ੀ ਕੀਤੀ, ਇਹ ਅੰਕੜੇ ਸੈਂਟਰ ਫਾਰ ਸਾਇੰਸ ਐਂਡ ਐਨਵਾਇਰਮੈਂਟ ਨੇ ਜਾਰੀ ਕੀਤੇ ਹਨ।
ਸਰਦਾਰਨੀ ਬਾਦਲ ਨੇ ਕਿਹਾ ਕਿ ਪੰਜਾਬ ਵਿਚ ਛੋਟੇ ਕਿਸਾਨਾਂ ਸਿਰ 3-3 ਲੱਖ ਰੁਪਏ ਦਾ ਕਰਜ਼ਾ ਹੈ। ਉਹਨਾਂ ਕਿਹਾ ਕਿ ਕਿਸਾਨਾਂ ਦੀਆਂ ਮੁਸ਼ਕਿਲਾਂ ਦੂਰ ਨਹੀਂ ਕੀਤੀਆਂ ਜਾ ਰਹੀਆਂ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੇ ਸਪਸ਼ਟ ਭਰੋਸਾ ਦੁਆਇਆ ਸੀ ਕਿ ਘੱਟੋ ਘੱਟ ਸਮਰਥਨ ਮੁੱਲ (ਐਮ ਐਸ ਪੀ) ਨੂੰ ਕਿਸਾਨਾਂ ਲਈ ਕਾਨੂੰਨੀ ਅਧਿਕਾਰ ਵਿਚ ਬਦਲਣ ਵਾਸਤੇ ਸਬ ਕਮੇਟੀ ਬਣਾਈ ਜਾਵੇਗੀ ਪਰ ਹਾਲੇ ਤੱਕ ਅਜਿਹਾ ਨਹੀਂ ਹੋਇਆ। ਉਹਨਾਂ ਕਿਹਾ ਕਿ ਖੇਤੀਬਾੜੀ ਲਾਗਤ ਵਿਚ 80 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ ਜਦੋਂ ਕਿ ਐਮ ਐਸ ਪੀ ਵਿਚ ਸਿਰਫ 30 ਫੀਸਦੀ ਵਾਧਾ ਹੋਇਆ ਹੈ। ਉਹਨਾਂ ਇਹ ਵੀ ਦੱਸਿਆ ਕਿ ਕਿਵੇਂ ਕਿਸਾਨ ਸਨਮਾਨ ਨਿਧੀ ਦੇ ਲਾਭਪਾਤਰਾਂ ਦੀ ਗਿਣਤੀ ਪੰਜਾਬ ਵਿਚ 26 ਫੀਸਦੀ ਘਟਾ ਦਿੱਤੀ ਗਈ ਹੈ ਹਾਲਾਂਕਿ ਪੰਜਾਬ ਦੇ ਕਿਸਾਨ ਦੇਸ਼ ਦੇ ਅਨਾਜ ਭੰਡਾਰ ਵਿਚ ਸਭ ਤੋਂ ਵੱਧ ਯੋਗਦਾਨ ਪਾਉਂਦੇ ਹਨ। ਉਹਨਾਂ ਕਿਹਾ ਕਿ ਇਸੇ ਤਰੀਕੇ ਫਸਲ ਬੀਮਾ ਕੰਪਨੀਆਂ ਨੇ 57 ਹਜ਼ਾਰ ਕਰੋੜ ਰੁਪਏ ਕਮਾ ਲਏ ਪਰ ਪੰਜਾਬ ਦੇ ਕਿਸਾਨਾਂ ਨੂੰ ਵਾਰ-ਵਾਰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਨਹੀਂ ਮਿਲਿਆ ਹਾਲਾਂਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੇ ਵਾਅਦਾ ਕੀਤਾ ਸੀ ਕਿ ਗਿਰਦਾਵਰੀਆਂ ਤੋਂ ਪਹਿਲਾਂ ਹੀ ਕਿਸਾਨਾਂ ਦੇ ਖ਼ਾਤਿਆਂ ਵਿਚ ਮੁਆਵਜ਼ਾ ਪਾ ਦਿੱਤਾ ਜਾਵੇਗਾ।
ਬਠਿੰਡਾ ਦੇ ਐਮ ਪੀ ਨੇ ਨੌਜਵਾਨਾਂ ਦੇ ਰੋਜ਼ਗਾਰ ਦੀ ਹਾਲਾਤ ਦੀ ਗੱਲ ਕਰਦਿਆਂ ਕਿਹਾ ਕਿ ਵਿਸ਼ਵ ਬੈਂਕ ਦੇ ਅੰਕੜਿਆਂ ਮੁਤਾਬਕ ਭਾਰਤ ਵਿਚ ਬੇਰੋਜ਼ਗਾਰੀ ਦਰ 23 ਫੀਸਦੀ ਹੈ। ਉਹਨਾਂ ਕਿਹਾ ਕਿ 43000 ਪ੍ਰੋਫੈਸ਼ਨਲਜ਼ ਨੇ ਖੁਦਕੁਸ਼ੀ ਕੀਤੀ ਹੈ ਜਦੋਂ ਕਿ ਵਿਦੇਸ਼ਾਂ ਵਿਚ ਜਾਣ ਵਾਲੇ ਵਿਦਿਆਰਥੀਆਂ ਦੀ ਦਰ ਵਿਚ 68 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਇਕੱਲੇ ਪੰਜਾਬ ਵਿਚ ਉਚੇਰੀ ਸਿੱਖਿਆ ਕੋਰਸਾਂ ਵਿਚ ਦਾਖਲਾ ਲੈਣ ਵਾਲੇ ਨੌਜਵਾਨਾਂ ਦੀ ਗਿਣਤੀ ਵਿਚ 50 ਫੀਸਦੀ ਕਟੌਤੀ ਹੋ ਗਈ ਹੈ ਕਿਉਂਕਿ ਪਿਛਲੀ ਕਾਂਗਰਸ ਸਰਕਾਰ ਵੇਲੇ ਐਸ ਸੀ ਸਕਾਲਰਸ਼ਿਪ ਸਕੀਮ ਵਿਚ ਵੱਡੇ ਘਪਲੇ ਹੋਏ ਹਨ।
ਦੇਸ਼ ਵਿਚ ਨਸ਼ੇ ਦੇ ਮਾੜੇ ਹਾਲਾਤਾਂ ਦੀ ਗੱਲ ਕਰਦਿਆਂ ਸਰਦਾਰਨੀ ਬਾਦਲ ਨੇ ਕਿਹਾ ਕਿ ਹਾਲਾਤ ਇਹ ਹੈ ਕਿ ਪੰਜਾਬ ਵਿਚ ਸਰਹੱਦ ਪਾਰ ਤੋਂ ਡਰੋਨਾਂ ਰਾਹੀਂ ਨਸ਼ਾ ਪਹੁੰਚਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸੂਬੇ ਵਿਚ ਹਾਲਾਤ ਬਦਲ ਰਹੇ ਹਨ ਤੇ ਕੇਂਦਰ ਸਰਕਾਰ ਨੇ ਹਾਲੇ ਤੱਕ ਸਰਹੱਦ ਪਾਰੋਂ ਨਸ਼ੇ ਦੀ ਆਮਦ ਰੋਕਣ ਵਾਸਤੇ ਕੋਈ ਠੋਸ ਨੀਤੀ ਨਹੀਂ ਉਲੀਕੀ।
ਗਰੀਬਾਂ ਦੀ ਹਾਲਾਤ ਦੀ ਗੱਲ ਕਰਦਿਆਂ ਸਰਦਾਰਨੀ ਬਾਦਲ ਨੇ ਕਿਹਾ ਕਿ 74 ਫੀਸਦੀ ਭਾਰਤੀਆਂ ਨੂੰ ਸਿਹਤਮੰਦ ਭੋਜਨ ਨਹੀਂ ਮਿਲਦਾ। ਉਹਨਾਂ ਕਿਹਾ ਕਿ 2012 ਤੋਂ ਲੈ ਕੇ ਹੁਣ ਤੱਕ ਪੈਟਰੋਲ ਦੀਆਂ ਕੀਮਤਾਂ ਵਿਚ 40 ਫੀਸਦੀ, ਡੀਜ਼ਲ ਦੀਆਂ ਕੀਮਤਾਂ ਵਿਚ 60 ਫੀਸਦੀ, ਦਾਲਾਂ ਦੀ ਕੀਮਤ ਵਿਚ 70 ਫੀਸਦੀ ਅਤੇ ਦੁੱਧ ਦੀਆਂ ਕੀਮਤਾਂ ਵਿਚ 77 ਫੀਸਦੀ ਵਾਧਾ ਹੋਇਆ ਹੈ। ਉਹਨਾਂ ਇਹ ਵੀ ਦੱਸਿਆ ਕਿ ਕਿਵੇਂ ਹਾਲ ਹੀ ਵਿਚ ਰਿਜ਼ਰਵ ਬੈਂਕ ਆਫ ਇੰਡੀਆ ਨੇ ਖੁਲ੍ਹਾਸਾ ਕੀਤਾ ਹੈ ਕਿ 2023 ਵਿਚ ਸਾਲਾਨਾ ਘਰੇਲੂ ਬੱਚਤਾਂ ਵਿਚ 5.1 ਫੀਸਦੀ ਗਿਰਾਵਟ ਦਰਜ ਕੀਤੀ ਗਈ ਹੈ ਜਦੋਂ ਕਿ ਘਰਾਂ ’ਤੇ ਵਿੱਤੀ ਦੇਣਦਾਰੀਆਂ ਵਿਚ 5.8 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਯਕੀਨੀ ਤੌਰ ’ਤੇ ਇਹ ਅੱਛੇ ਦਿਨ ਤਾਂ ਨਹੀਂ ਹਨ।
ਬਠਿੰਡਾ ਦੇ ਅਮ ਪੀ ਨੇ ਇਹ ਵੀ ਦੱਸਿਆ ਕਿ ਕਿਵੇਂ ਕੌਮੀ ਅਪਰਾਧ ਰਿਕਾਰਡ ਬਿਊਰੋ (ਐਨ ਸੀ ਆਰ ਬੀ) ਦੇ ਅੰਕੜੇ ਬਿਆਨ ਕਰਦੇ ਹਨ ਕਿ 2023 ਵਿਚ ਔਰਤਾਂ ਖਿਲਾਫ ਅਪਰਾਧ ਵਿਚ 23 ਫੀਸਦੀ ਵਾਧਾ ਦਰਜ ਕੀਤਾ ਗਿਆ ਹੈ। ਉਹਨਾਂ ਇਹ ਵੀ ਸਵਾਲ ਕੀਤਾ ਕਿ ਔਰਤਾਂ ਲਈ ਰਾਖਵਾਂਕਰਨ ਕਾਨੂੰਨ ਕਦੋਂ ਲਾਗੂ ਹੋਵੇਗਾ ਕਿਉਂਕਿ ਇਹ ਸਮੇਂ ਦੀ ਜ਼ਰੂਰਤ ਹੈ।

Related posts

ਪੀ.ਐਮ. ਮੋਦੀ ਦੀ ਝੂਠ ਦੀ ਫੈਕਟਰੀ ਹੁਣ ਨਹੀਂ ਚੱਲੇਗੀ : ਮਲਿਕਾਰਜੁਨ ਖੜਗੇ

editor

ਅਤਿਵਾਦੀਆਂ ਨੇ ਸੀਆਰਪੀਐੱਫ ਦੇ ਕੈਂਪ ’ਤੇ ਗੋਲੀਆਂ ਚਲਾਈਆਂ ਤੇ ਬੰਬ ਸੁੱਟੇ, ਦੋ ਜਵਾਨਾਂ ਦੀ ਮੌਤ

editor

ਅੱਤਵਾਦ ਤੇ ਨਕਸਲਵਾਦ ਨੂੰ ਖ਼ਤਮ ਕਰਨ ਲਈ ਨਰਿੰਦਰ ਮੋਦੀ ਨੂੰ ਤੀਜੀ ਵਾਰ ਬਣਾਏ ਪ੍ਰਧਾਨ ਮੰਤਰੀ : ਅਮਿਤ ਸ਼ਾਹ

editor