Punjab

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਆਏ ਰਾਕੇਸ਼ ਟਿਕੈਤ ਬੋਲੇ- ਅਗਨੀਪਥ ਯੋਜਨਾ ਇੱਕ ਸਿਆਸੀ ਮੁੱਦਾ, ਫ਼ੌਜ ਮੁਖੀ ਬਿਆਨ ਦੇਣੋਂ ਗੁਰੇਜ਼ ਕਰਨ

ਸ੍ਰੀ ਅਨੰਦਪੁਰ ਸਾਹਿਬ – ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਵੱਖ-ਵੱਖ ਮੁੱਦਿਆਂ ’ਤੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨੀ ਅੰਦੋਲਨ ਦੀ ਜਿੱਤ ਤੋਂ ਬਾਅਦ ਉਹ ਵੱਖ-ਵੱਖ ਧਾਰਮਿਕ ਸਥਾਨਾਂ ’ਤੇ ਨਤਮਸਤਕ ਹੋ ਰਹੇ ਹਨ ਅਤੇ ਇਸੇ ਕੜੀ ਦੇ ਤਹਿਤ ਅੱਜ ਉਨ੍ਹਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ। ਇਥੇ ਆ ਕੇ ਉਨ੍ਹਾਂ ਨੂੰ ਬੇਹੱਦ ਸਕੂਨ ਮਿਲਿਆ ਹੈ। ਇਸ ਮੌਕੇ ਰਾਕੇਸ਼ ਟਿਕੈਤ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸੂਚਨਾ ਦਫ਼ਤਰ ਵਿਖੇ ਭਾਈ ਅਮਰਜੀਤ ਸਿੰਘ ਚਾਵਲਾ ਅਤੇ ਦਲਜੀਤ ਸਿੰਘ ਭਿੰਡਰ (ਦੋਵੇਂ ਸ਼੍ਰੋਮਣੀ ਕਮੇਟੀ ਮੈਂਬਰ) ਵੱਲੋਂ ਤਖ਼ਤ ਸਾਹਿਬ ਦੀ ਫੋਟੋ ਅਤੇ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।

ਗੱਲਬਾਤ ਦੌਰਾਨ ਟਿਕੈਤ ਨੇ ਭਾਰਤ ਦੀਆਂ ਤਿੰਨੇ ਫੌਜਾਂ ਦੇ ਮੁਖੀਆਂ ਨੂੰ ਸਲਾਹ ਦਿੰਦਿਆਂ ਕਿਹਾ ਕਿ ਅਗਨੀਪਥ ਇੱਕ ਸਿਆਸੀ ਫੈਸਲਾ ਹੈ। ਇਸ ਸਬੰਧੀ ਫੌਜ ਮੁਖੀਆਂ ਨੂੰ ਕੋਈ ਵੀ ਬਿਆਨਬਾਜ਼ੀ ਨਹੀਂ ਕਰਨੀ ਚਾਹੀਦੀ। ਜਿਥੇ ਵੀ ਕਿਤੇ ਫ਼ੌਜ ਵੱਲੋਂ ਅਜਿਹੀ ਕਾਰਵਾਈ ਕਰਨ ਦੀ ਕੋਸ਼ਿਸ਼ ਕੀਤੀ ਗਈ, ਉਥੇ ਤਖ਼ਤਾ ਪਲਟ ਹੋਣ ਦੀਆਂ ਮਿਸਾਲਾਂ ਸਾਡੇ ਸਾਹਮਣੇ ਹਨ। ਦੇਸ਼ ’ਚ ਵਧ ਰਹੇ ਤਣਾਅ ਦੇ ਮਾਹੌਲ ਬਾਸੇ ਉਨ੍ਹਾਂ ਕਿਹਾ ਕਿ ਇੰਜ ਜਾਪਦਾ ਹੈ ਜਿਵੇਂ ਦੇਸ਼ ਅੰਦਰ ਤਾਨਾਸ਼ਾਹੀ ਰਾਜ ਹੋਵੇ। ਉਨ੍ਹਾਂ ਕਿਹਾ ਕਿ ਕੋਰੀਆ ਵਰਗੀਆਂ ਨੀਤੀਆਂ ਨੂੰ ਭਾਰਤ ’ਚ ਲਾਗੂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਸਾਨੂੰ ਇਹ ਨਹੀਂ ਭੁੱਲਣਾ ਚਾਹੀਦਾ ਕਿ ਭਾਰਤ ’ਚ ਸੰਵਿਧਾਨ ਹੈ, ਜਿਸ ਅਨੁਸਾਰ ਹੀ ਹਰ ਕੰਮ ਹੋਣਾ ਚਾਹੀਦਾ ਹੈ। ਇਸ ਤੋਂ ਇਲਾਵਾ ਕਿਸਾਨੀ ਮੁੱਦਿਆਂ ਤੇ ਬੋਲਦਿਆਂ ਟਿਕੈਤ ਨੇ ਕਿਹਾ ਕਿ ਉਹ ਹਿਮਾਚਲ ਦੇ ਦੌਰੇ ’ਤੇ ਜਾ ਰਹੇ ਹਨ ਜਿੱਥੇ ਜਾ ਕੇ ਉਹ ਹਿਮਾਚਲ ਦੀ ਸਰਕਾਰ ਅਤੇ ਹਿਮਾਚਲ ਦੇ ਕਿਸਾਨਾਂ ਨਾਲ ਕਿਸਾਨੀ ਮਸਲਿਆਂ ਨੂੰ ਲੈ ਕੇ ਗੱਲਬਾਤ ਕਰਨਗੇ।

ਵੱਖ-ਵੱਖ ਸੂਬਾਂ ਸਰਕਾਰਾਂ ਕਿਸਾਨੀ ਮੁੱਦਿਆਂ ’ਤੇ ਸੁਹਿਰਦਤਾ ਨਹੀਂ ਦਿਖਾ ਰਹੀਆਂ ਹਨ ਜਿਸ ਕਰਕੇ ਇਹ ਮਸਲੇ ਲਟਕੇ ਹੋਏ ਹਨ। ਉਨ੍ਹਾਂ ਕਿਹਾ ਕਿ ਦੇਸ਼ ’ਚ ਜ਼ਮੀਨਾਂ ਦੇ ਭਾਅ ਲਗਾਤਾਰ ਵਧਦੇ ਜਾ ਰਹੇ ਹਨ ਪਰ ਸਾਰੀਆਂ ਫ਼ਸਲਾਂ ’ਤੇ ਐੱਮਐੱਸਪੀ ਨਾ ਮਿਲਣ ਕਰਕੇ ਅਤੇ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਨਾ ਹੋਣ ਕਰਕੇ ਕਿਸਾਨਾਂ ਦੀ ਹਾਲਤ ਲਗਾਤਾਰ ਪਤਲੀ ਹੁੰਦੀ ਜਾ ਰਹੀ ਹੈ।ਕੇਂਦਰ ਸਰਕਾਰ ਵੱਲੋਂ ਲਿਆਂਦੀ ਗਈ ਅਗਨੀਪਥ ਸਕੀਮ ’ਤੇ ਤਿੱਖਾ ਪ੍ਰਤੀਕਿਰਿਆ ਦਿੰਦਿਆਂ ਰਾਕੇਸ਼ ਟਿਕੈਤ ਕਿਹਾ ਕਿ ਨੌਜਵਾਨ ਇਸ ਸਕੀਮ ਦਾ ਭਾਰੀ ਵਿਰੋਧ ਕਰ ਰਹੇ ਹਨ ਕਿਉਂਕਿ ਇਹ ਸਕੀਮ ਉਨ੍ਹਾਂ ਲਈ ਲਾਭਦਾਇਕ ਨਹੀਂ ਹੈ। 24 ਜੂਨ ਨੂੰ ਨੌਜਵਾਨਾਂ ਨਾਲ ਮਿਲ ਕੇ ਉਹ ਦੇਸ਼ ਪੱਧਰ ’ਤੇ ਇਸ ਸਕੀਮ ਦਾ ਵਿਰੋਧ ਕਰਨਗੇ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਇਸ ਸਕੀਮ ਦਾ ਵਿਰੋਧ ਸ਼ਾਂਤਮਈ ਢੰਗ ਨਾਲ ਕੀਤਾ ਜਾਵੇ ਕਿਉਂਕਿ ਸਫਲਤਾ ਸ਼ਾਂਤੀ ਨਾਲ ਹੀ ਪ੍ਰਾਪਤ ਕੀਤੀ ਜਾ ਸਕਦੀ ਹੈ।

Related posts

ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ’ਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ; ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕਾਬੂ

editor

‘ਆਪ’ ਨੇ ਕੇਜਰੀਵਾਲ ਦੀ ਸਿਹਤ ਦੀ ਜਾਂਚ ਲਈ ਏਮਜ਼ ਦੇ ਡਾਕਟਰਾਂ ਦਾ ਪੈਨਲ ਬਣਾਉਣ ਦੇ ਆਦੇਸ਼ ਲਈ ਅਦਾਲਤ ਦਾ ਕੀਤਾ ਧੰਨਵਾਦ

editor

ਜਲੰਧਰ ’ਚ ਭਾਜਪਾ ਨੂੰ ਵੱਡਾ ਝਟਕਾ! ਭਗਵੰਤ ਮਾਨ ਨੇ ਵਿਧਾਇਕ ਰਮਨ ਅਰੋੜਾ ਦੇ ਨਾਲ ਰੌਬਿਨ ਸਾਂਪਲਾ ਦਾ ‘ਆਪ’ ’ਚ ਕੀਤਾ ਸਵਾਗਤ

editor