India

ਪੀਐਮ ਮੋਦੀ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਘਟਾਉਣ ਦੇ ਫੈਸਲੇ ਦੀ ਕੀਤੀ ਸ਼ਲਾਘਾ

ਨਵੀਂ ਦਿੱਲੀ – ਤੇਲ ਉਤਪਾਦਾਂ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਕਾਰਨ ਲੋਕਾਂ ‘ਤੇ ਪੈ ਰਹੇ ਪ੍ਰਭਾਵ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਨੇ ਸ਼ਨੀਵਾਰ ਨੂੰ ਪੈਟਰੋਲ ਅਤੇ ਡੀਜ਼ਲ ‘ਤੇ ਐਕਸਾਈਜ਼ ਡਿਊਟੀ ‘ਚ ਵੱਡੀ ਕਟੌਤੀ ਦਾ ਐਲਾਨ ਕੀਤਾ ਹੈ। ਵਿੱਤ ਮੰਤਰੀ ਨੇ ਪੈਟਰੋਲ ਅਤੇ ਡੀਜ਼ਲ ‘ਤੇ ਐਕਸਾਈਜ਼ ਡਿਊਟੀ ਕ੍ਰਮਵਾਰ 8 ਰੁਪਏ ਅਤੇ 6 ਰੁਪਏ ਪ੍ਰਤੀ ਲੀਟਰ ਘਟਾਉਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਲਈ ਸਬਸਿਡੀ ਦਾ ਵੀ ਐਲਾਨ ਕੀਤਾ ਗਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਕੀਤੇ ਐਲਾਨ ਦੀ ਸ਼ਲਾਘਾ ਕੀਤੀ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਕਿਹਾ- ਉੱਜਵਲਾ ਯੋਜਨਾ ਨੇ ਕਰੋੜਾਂ ਭਾਰਤੀਆਂ, ਖਾਸ ਕਰਕੇ ਔਰਤਾਂ ਦੀ ਮਦਦ ਕੀਤੀ ਹੈ। ਉੱਜਵਲਾ ਯੋਜਨਾ ਲਈ ਸਬਸਿਡੀ ਦੇਣ ਦੇ ਫੈਸਲੇ ਨਾਲ ਲਾਭਪਾਤਰੀਆਂ ਦੇ ਬਜਟ ਨੂੰ ਬਹੁਤ ਸੌਖਾ ਹੋ ਜਾਵੇਗਾ। ਪੀਐਮ ਮੋਦੀ ਨੇ ਕਿਹਾ ਕਿ ਆਮ ਜਨਤਾ ਸਾਡੀ ਸਰਕਾਰ ਦੀ ਤਰਜੀਹ ਹੈ। ਐਕਸਾਈਜ਼ ਡਿਊਟੀ ‘ਚ ਕਟੌਤੀ ਦੇ ਅੱਜ ਦੇ ਫੈਸਲੇ ਦਾ ਵੱਖ-ਵੱਖ ਸੈਕਟਰਾਂ ‘ਤੇ ਸਕਾਰਾਤਮਕ ਅਸਰ ਪਵੇਗਾ। ਨਾਲ ਹੀ ਸਾਡੇ ਨਾਗਰਿਕਾਂ ਨੂੰ ਰਾਹਤ ਮਿਲੇਗੀ।
ਦੱਸਣਯੋਗ ਹੈ ਕਿ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸ਼ਨੀਵਾਰ ਨੂੰ ਪੈਟਰੋਲ ਅਤੇ ਡੀਜ਼ਲ ‘ਤੇ ਐਕਸਾਈਜ਼ ਡਿਊਟੀ ਕ੍ਰਮਵਾਰ 8 ਰੁਪਏ ਅਤੇ 6 ਰੁਪਏ ਪ੍ਰਤੀ ਲੀਟਰ ਘਟਾਉਣ ਦਾ ਐਲਾਨ ਕੀਤਾ ਸੀ। ਇਸ ਦੇ ਨਾਲ ਹੀ ਉਨ੍ਹਾਂ ਨੇ ਘਰਾਂ ਵਿੱਚ ਖਾਣਾ ਬਣਾਉਣ ਲਈ ਵਰਤੇ ਜਾਣ ਵਾਲੇ ਐਲਪੀਜੀ ਸਿਲੰਡਰ ‘ਤੇ 200 ਰੁਪਏ ਪ੍ਰਤੀ ਸਿਲੰਡਰ ਦੀ ਸਬਸਿਡੀ ਦੇਣ ਦਾ ਵੀ ਐਲਾਨ ਕੀਤਾ। ਇਹ ਸਬਸਿਡੀ ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਇੱਕ ਸਾਲ ਵਿੱਚ 12 ਗੈਸ ਸਿਲੰਡਰਾਂ ‘ਤੇ ਦਿੱਤੀ ਜਾਵੇਗੀ।
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕਰਕੇ ਕਿਹਾ, ‘ਇਸ ਚੁਣੌਤੀਪੂਰਨ ਆਲਮੀ ਸਥਿਤੀ ‘ਚ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ‘ਤੇ ਐਕਸਾਈਜ਼ ਡਿਊਟੀ ਘਟਾ ਕੇ ਅਤੇ ਗੈਸ ਸਿਲੰਡਰ ‘ਤੇ ਸਬਸਿਡੀ ਦੇ ਕੇ ਆਮ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਇਸੇ ਤਰ੍ਹਾਂ ਦੇ ਕਦਮ ਹੋਰ ਸੈਕਟਰਾਂ ਲਈ ਵੀ ਚੁੱਕੇ ਗਏ ਹਨ, ਜਿਸ ਨਾਲ ਉਤਪਾਦਾਂ ਦੀ ਕੀਮਤ ਹੇਠਾਂ ਆਵੇਗੀ। ਦੂਜੇ ਪਾਸੇ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨੇ ਬਿਆਨ ਜਾਰੀ ਕਰਕੇ ਐਕਸਾਈਜ਼ ਡਿਊਟੀ ਵਿੱਚ ਕਟੌਤੀ ਨੂੰ ਇਤਿਹਾਸਕ ਫੈਸਲਾ ਦੱਸਿਆ ਹੈ।
ਜ਼ਿਕਰਯੋਗ ਹੈ ਕਿ ਪਿਛਲੇ ਕੁਝ ਮਹੀਨਿਆਂ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ ਹੋ ਰਿਹਾ ਹੈ। ਇਸ ਤੋਂ ਇਲਾਵਾ ਐਲਪੀਜੀ ਦੀ ਕੀਮਤ ਵੀ ਵਧਦੀ ਨਜ਼ਰ ਆ ਰਹੀ ਹੈ। ਤੇਲ ਦੀਆਂ ਕੀਮਤਾਂ ਵਧਣ ਕਾਰਨ ਲੋਕਾਂ ਦਾ ਬਜਟ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ। ਇਸ ਕਾਰਨ ਸਾਰੀਆਂ ਵਿਰੋਧੀ ਪਾਰਟੀਆਂ ਤੇਲ ਦੀਆਂ ਕੀਮਤਾਂ ਵਿੱਚ ਕਟੌਤੀ ਦੀ ਮੰਗ ਕਰ ਰਹੀਆਂ ਸਨ। ਕਾਂਗਰਸ ਇਸ ਨੂੰ ਮੁੱਦਾ ਬਣਾ ਕੇ ਸਰਕਾਰ ‘ਤੇ ਲਗਾਤਾਰ ਹਮਲੇ ਕਰ ਰਹੀ ਹੈ।

Related posts

ਕੇਰਲ ’ਚ ਡਾਕਟਰ ਨੇ ਬੱਚੇ ਦੀ ਉਂਗਲ ਦੀ ਥਾਂ ਕਰ ਦਿੱਤਾ ਜੀਭ ਦਾ ਆਪ੍ਰੇਸ਼ਨ, ਡਾਕਟਰ ਮੁਅੱਤਲ

editor

ਬੁਢਾਪੇ ਦਾ ਕਾਰਨ ਬਣਨ ਵਾਲੇ ‘ਜ਼ਾਂਬੀ ਸੈੱਲਜ਼’ ਨੂੰ ਮਾਰਨ ਵਾਲੀ ਦਵਾਈ ਵਿਕਸਿਤ

editor

ਮੁੰਬਈ: ਹੋਰਡਿੰਗ ਲਗਾਉਣ ਵਾਲੀ ਕੰਪਨੀ ਦੇ ਡਾਇਰੈਕਟਰ ਨੂੰ ਗਿ੍ਰਫ਼ਤਾਰ ਕਰਕੇ ਮੁੰਬਈ ਲਿਆਂਦਾ

editor