Punjab

ਮੁੱਖ ਮੰਤਰੀ ਨੇ ਸੈਰ ਸਪਾਟਾ ਵਿਭਾਗ ਨੂੰ ਸ਼ਾਨਾਮੱਤੇ ਪ੍ਰੋਜੈਕਟ ‘ਪਿੰਡ ਬਾਬੇ ਨਾਨਕ ਦਾ’ ਲਈ ਆਲਮੀ ਪੱਧਰ ’ਤੇ ਟੈਂਡਰ ਮੰਗਣ ਦੇ ਹੁਕਮ ਦਿੱਤੇ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੂੰ ਸੁਲਤਾਨਪੁਰ ਲੋਧੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ ਪੁਰਬ ਨੂੰ ਸਮਰਪਿਤ ਮਾਣਮੱਤੇ ਪ੍ਰੋਜੈਕਟ ‘ਪਿੰਡ ਬਾਬੇ ਨਾਨਕ ਦਾ’ ਲਈ ਆਲਮੀ ਪੱਧਰ ’ਤੇ ਟੈਂਡਰ ਮੰਗਣ ਦੇ ਨਿਰਦੇਸ ਦਿੱਤੇ।
ਇੱਥੇ ਆਪਣੇ ਸਰਕਾਰੀ ਨਿਵਾਸ ਸਥਾਨ ‘ਤੇ ਇਸ ਪ੍ਰਾਜੈਕਟ ਦੀ ਪ੍ਰਗਤੀ ਦਾ ਜਾਇਜਾ ਲੈਣ ਲਈ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਭਗਵੰਤ ਮਾਨ ਨੇ ਵਿਭਾਗ ਨੂੰ ਕਿਹਾ ਕਿ ਉਹ 500 ਕਰੋੜ ਰੁਪਏ ਦੀ ਲਾਗਤ ਨਾਲ 40 ਏਕੜ ਰਕਬੇ ਵਿੱਚ ਬਣਨ ਵਾਲੇ ਇਸ ਸਾਨਾਮੱਤੇ ਪ੍ਰਾਜੈਕਟ ਦੇ ਨਿਰਮਾਣ ਲਈ ਵਿਸਵ ਪ੍ਰਸਿੱਧ ਆਰਕੀਟੈਕਟਾਂ ਦੀਆਂ ਸੇਵਾਵਾਂ ਲੈਣ।
ਵਿਚਾਰ-ਚਰਚਾ ਵਿੱਚ ਹਿੱਸਾ ਲੈਂਦਿਆਂ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਭਾਰਤ ਸਰਕਾਰ ਨੇ ਉਪਰੋਕਤ ਪ੍ਰੋਜੈਕਟ ਲਈ ਤਿਆਰੀ ਕੀਤੀ ਰੂਪ-ਰੇਖਾ ਨੂੰ ਪਹਿਲਾਂ ਹੀ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ।
ਇਸ ਮੌਕੇ ਮੁੱਖ ਮੰਤਰੀ ਨੇ ਅਨੰਦਪੁਰ ਸਾਹਿਬ ਫਾਊਂਡੇਸਨ ਦੀ ਇਕ ਹੋਰ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸੈਰ ਸਪਾਟਾ ਵਿਭਾਗ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਬਣਨ ਜਾ ਰਹੀ ਭਾਈ ਜੈਤਾ ਜੀ ਯਾਦਗਾਰ ਨੂੰ ਦਸੰਬਰ, 2022 ਤੱਕ ਹਰ ਹੀਲੇ ਮੁਕੰਮਲ ਕਰਨ ਦੇ ਨਿਰਦੇਸ ਦਿੱਤੇ। ਉਨਾਂ ਨੇ ਵਿਭਾਗ ਨੂੰ ਸਮਰੱਥ ਅਥਾਰਟੀ ਦੁਆਰਾ ਪ੍ਰਵਾਨਿਤ ਨਿਰਧਾਰਿਤ ਮਾਪਦੰਡਾਂ ਮੁਤਾਬਕ ਇਸ ਵੱਕਾਰੀ ਪ੍ਰੋਜੈਕਟ ਦੀ ਉਸਾਰੀ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ। ਇਹ ਯਾਦਗਾਰ ਵਿਰਾਸਤ-ਏ-ਖਾਲਸਾ ਦੇ ਕੰਪਲੈਕਸ ਵਿੱਚ 13 ਕਰੋੜ ਰੁਪਏ ਦੀ ਲਾਗਤ ਨਾਲ ਪੰਜ ਏਕੜ ਵਿਚ ਬਣ ਰਹੀ ਹੈ।
ਜ਼ਿਕਰਯੋਗ ਹੈ ਕਿ ਬਹਾਦਰ ਸਿੱਖ ਜਰਨੈਲ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਦਸਮੇਸ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਰਧਾਵਾਨ ਸਿੱਖ ਸਨ, ਜੋ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸੀਸ ਚਾਂਦਨੀ ਚੌਕ, ਦਿੱਲੀ ਤੋਂ ਸ੍ਰੀ ਕੀਰਤਪੁਰ ਸਾਹਿਬ ਵਿਖੇ ਲੈ ਕੇ ਆਏ ਸਨ।
ਇਸੇ ਤਰਾਂ ਮੁੱਖ ਮੰਤਰੀ ਨੇ ਵਿਭਾਗ ਨੂੰ ਵਿਰਾਸਤ-ਏ-ਖਾਲਸਾ ਦੀ ਹਦੂਦ ਅੰਦਰ 10 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਤ ਕੀਤੇ ਜਾ ਰਹੇ ਨੇਚਰ ਪਾਰਕ ਨੂੰ ਇਸ ਸਾਲ ਦਸੰਬਰ ਤੱਕ ਮੁਕੰਮਲ ਕਰਨ ਲਈ ਆਖਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਪ੍ਰੋਜੈਕਟ ਇੱਥੇ ਆਉਣ ਵਾਲੇ ਲੋਕਾਂ ਅਤੇ ਖਾਸ ਕਰਕੇ ਕੁਦਰਤ ਪ੍ਰੇਮੀਆਂ ਲਈ ਖਿੱਚ ਦਾ ਕੇਂਦਰ ਹੋਵੇਗਾ।
ਮੁੱਖ ਮੰਤਰੀ ਨੇ ਅੰਮਿ੍ਰਤਸਰ ਕਲਚਰਲ ਐਂਡ ਟੂਰਿਜਮ ਡਿਵੈਲਪਮੈਂਟ ਅਥਾਰਟੀ ਦੀ ਪਹਿਲੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪਾਵਨ ਨਗਰੀ ਅੰਮਿ੍ਰਤਸਰ ਵਿੱਚ ਗੋਲਡਨ ਟੈਂਪਲ ਪਲਾਜਾ ਸਮੇਤ ਵੱਖ-ਵੱਖ ਵਿਰਾਸਤੀ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਥਾਵਾਂ ਦੀ ਪ੍ਰਗਤੀ ਦਾ ਜਾਇਜਾ ਲਿਆ।
ਪਵਿੱਤਰ ਸਹਿਰ ਅੰਮਿ੍ਰਤਸਰ ਦੀ ਧਾਰਮਿਕ ਅਤੇ ਇਤਿਹਾਸਕ ਮਹੱਤਤਾ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਵਿਭਾਗ ਨੂੰ ਅਥਾਰਟੀ ਅਧੀਨ ਚੱਲ ਰਹੇ ਸਾਰੇ ਕੰਮਾਂ ਨੂੰ ਛੇਤੀ ਪੂਰਾ ਕਰਨ ਲਈ ਆਖਿਆ ਤਾਂ ਜੋ ਅੰਮਿ੍ਰਤਸਰ ਨੂੰ ਵਿਸਵ ਸੈਰ-ਸਪਾਟਾ ਕੇਂਦਰ ਵਜੋਂ ਉਭਾਰਿਆ ਜਾ ਸਕੇ।
ਮੀਟਿੰਗ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਮੁੱਖ ਸਕੱਤਰ ਅਨਿਰੁੱਧ ਤਿਵਾੜੀ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਨੂ ਪ੍ਰਸਾਦ, ਪ੍ਰਮੁੱਖ ਸਕੱਤਰ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਤੇਜਵੀਰ ਸਿੰਘ, ਸਕੱਤਰ ਸੂਚਨਾ ਤੇ ਲੋਕ ਸੰਪਰਕ ਐਮ.ਐਸ. ਜੱਗੀ ਅਤੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਦੇ ਡਾਇਰੈਕਟਰ ਕਰਨੇਸ ਸਰਮਾ ਹਾਜ਼ਰ ਸਨ।

Related posts

ਪੰਜਾਬ ’ਚ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 321.51 ਕਰੋੜ ਦੇ ਨਸ਼ੀਲੇ ਪਦਾਰਥ, ਨਕਦੀ ਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

editor

ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ’ਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ; ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕਾਬੂ

editor

‘ਆਪ’ ਨੇ ਕੇਜਰੀਵਾਲ ਦੀ ਸਿਹਤ ਦੀ ਜਾਂਚ ਲਈ ਏਮਜ਼ ਦੇ ਡਾਕਟਰਾਂ ਦਾ ਪੈਨਲ ਬਣਾਉਣ ਦੇ ਆਦੇਸ਼ ਲਈ ਅਦਾਲਤ ਦਾ ਕੀਤਾ ਧੰਨਵਾਦ

editor