Punjab

ਸ਼੍ਰੀ ਕਾਲੀ ਮਾਤਾ ਮੰਦਰ ਪੁੱਜੇ ਭਗਵੰਤ ਮਾਨ ਤੇ ਰਾਘਵ ਚੱਢਾ ਦਾ ਲੋਕਾਂ ਨੇ ਕੀਤਾ ਵਿਰੋਧ

ਪਟਿਆਲਾ – ਸ਼੍ਰੀ ਕਾਲੀ ਮਾਤਾ ਮੰਦਿਰ ਵਿਖੇ ਵਾਪਰੀ ਬੇਅਦਬੀ ਘਟਨਾ ਤੋਂ ਬਾਅਦ ਨਤਮਸਤਕ ਹੋਣ ਲਈ ਪੁੱਜੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਤੇ ਪੰਜਾਬ ਇੰਚਾਰਜ ਰਾਘਵ ਚੱਢਾ ਨੂੰ ਉਸ ਸਮੇਂ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ ਜਦੋਂ ਮੰਦਰ ਦੇ ਬਾਹਰ ਲੋਕਾਂ ਨੇ ਉਨ੍ਹਾਂ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਇਸ ਮੌਕੇ ਲੋਕਾਂ ਨੇ ਭਗਵੰਤ ਮਾਨ ਤੇ ਰਾਘਵ ਚੱਢਾ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਤੋਂ ਬਚਾਅ ਲਈ ਉਹ ਲੰਗਰ ਭਵਨ ਦੇ ਦਫ਼ਤਰ ਵੱਲ ਚੱਲੇ ਗਏ। ਪ੍ਰਦਰਸ਼ਨ ਦੀ ਸੂਚਨਾ ਮਿਲਦਿਆਂ ਹੀ ਮੌਕੇ ’ਤੇ ਪੁੱਜੀ ਵੱਡੀ ਗਿਣਤੀ ’ਚ ਪੁਲਿਸ ਫੋਰਸ ਦੇ ਸਖ਼ਤ ਪਹਿਰੇ ਹੇਠ ਉਨ੍ਹਾਂ ਨੂੰ ਉਥੋਂ ਲੰਘਾਇਆ ਗਿਆ।

ਜਾਣਕਾਰੀ ਅਨੁਸਾਰ ਪਟਿਆਲਾ ਦੇ ਇਤਿਹਾਸਕ ਸ਼੍ਰੀ ਕਾਲੀ ਮਾਤਾ ਮੰਦਰ ’ਚ ਹੋਈ ਬੇਅਦਬੀ ਦਾ ਮਾਮਲਾ ਪੂਰੀ ਤਰ੍ਹਾਂ ਭਖ਼ ਗਿਆ ਹੈ। ਇਸੇ ਤਹਿਤ ਮੰਗਲਵਾਰ ਤਿੰਨ ਵਜੇ ਦੇ ਕਰੀਬ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਤੇ ਰਾਘਵ ਚੱਢਾ ਮੰਦਰ ’ਚ ਦਰਸ਼ਨਾਂ ਲਈ ਪੁੱਜੇ ਸਨ। ਜਿਵੇਂ ਹੀ ਦਰਸ਼ਨਾਂ ਤੋਂ ਬਾਅਦ ਉਹ ਬਾਹਰ ਨਿਕਲੇ ਤਾ ਲੋਕਾਂ ਨੇ ਆਮ ਆਦਮੀ ਪਾਰਟੀ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ।

ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਇਸ ਘਟਨਾ ਨੂੰ ਵਾਪਰੇ ਹੋਏ 24 ਘੰਟਿਆਂ ਤੋਂ ਉੱਪਰ ਸਮਾਂ ਲੰਘ ਗਿਆ ਹੈ। ਇਸ ਸਮੇਂ ਦੌਰਾਨ ਆਮ ਆਦਮੀ ਪਾਰਟੀ ਦਾ ਕੋਈ ਵੀ ਆਗੂ ਜਾਂ ਵਰਕਰ ਹਿੰਦੂ ਭਾਈਚਾਰੇ ਨਾਲ ਦੁੱਖ ਵੰਡਾਉਣ ਲਈ ਨਹੀਂ ਆਇਆ। ਇਸ ਦੇ ਨਾਲ ਹੀ ਨਾ ਹੀ ਕੋਈ ਆਮ ਆਦਮੀ ਪਾਰਟੀ ਦਾ ਵਰਕਰ ਸ਼ਹਿਰ ਵਿਚ ਕੱਢੇ ਰੋਸ ਮਾਰਚ ਵਿਚ ਸ਼ਾਮਲ ਹੋਇਆ ਹੈ। ਭਗਵੰਤ ਮਾਨ ਤੇ ਰਾਘਵ ਚੱਢਾ ਸਿਰਫ਼ ਆਪਣੀਆਂ ਰਾਜਨੀਤਿਕ ਰੋਟੀਆਂ ਸੇਕਣ ਲਈ ਆਏ ਹਨ ਤੇ ਹੁਣ ਹਿੰਦੂਆਂ ਦੇ ਹਿਤੈਸ਼ੀ ਬਣਨ ਦੀ ਕੋਸ਼ਿਸ਼ ਕਰ ਰਹੇ ਹਨ।

ਉਧਰ ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਆਗੂ ਕੁੰਦਨ ਗੋਗੀਆ ਨੇ ਕਿਹਾ ਕਿ ਰਾਘਵ ਚੱਢਾ ਤੇ ਭਗਵੰਤ ਮਾਨ ਸਤਿਕਾਰਿਤ ਸ਼ਖ਼ਸ਼ੀਅਤਾਂ ਹਨ। ਦੂਸਰੀਆਂ ਪਾਰਟੀਆਂ ਵੱਲੋਂ ਜੋ ਉਨ੍ਹਾਂ ’ਤੇ ਹਮਲਾ ਕੀਤਾ ਗਿਆ ਹੈ ਉਹ ਨਿੰੰਦਣਯੋਗ ਹੈ। ਉਹ ਹਮਲਾਵਰਾਂ ਖ਼ਿਲਾਫ਼ ਥਾਣਾ ਕੋਤਵਾਲੀ ਪੁਲਿਸ ਨੂੰ ਸ਼ਿਕਾਇਤ ਵੀ ਦਰਜ ਕਰਵਾਉਣਗੇ।

Related posts

ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ’ਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ; ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕਾਬੂ

editor

‘ਆਪ’ ਨੇ ਕੇਜਰੀਵਾਲ ਦੀ ਸਿਹਤ ਦੀ ਜਾਂਚ ਲਈ ਏਮਜ਼ ਦੇ ਡਾਕਟਰਾਂ ਦਾ ਪੈਨਲ ਬਣਾਉਣ ਦੇ ਆਦੇਸ਼ ਲਈ ਅਦਾਲਤ ਦਾ ਕੀਤਾ ਧੰਨਵਾਦ

editor

ਜਲੰਧਰ ’ਚ ਭਾਜਪਾ ਨੂੰ ਵੱਡਾ ਝਟਕਾ! ਭਗਵੰਤ ਮਾਨ ਨੇ ਵਿਧਾਇਕ ਰਮਨ ਅਰੋੜਾ ਦੇ ਨਾਲ ਰੌਬਿਨ ਸਾਂਪਲਾ ਦਾ ‘ਆਪ’ ’ਚ ਕੀਤਾ ਸਵਾਗਤ

editor