Punjab

ਸਾਬਕਾ ਮੁੱਖ ਮੰਤਰੀ ਚੰਨੀ ‘ਤੇ ਈਡੀ ਦਾ ਸ਼ਿਕੰਜਾ, ਨਾਜਾਇਜ਼ ਰੇਤ ਮਾਈਨਿੰਗ ਮਾਮਲੇ ’ਚ ਜਾਰੀ ਕੀਤਾ ਸੰਮਨ

ਜਲੰਧਰ – ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਜਾਇਜ਼ ਰੇਤ ਮਾਈਨਿੰਗ ਤੇ ਅਧਿਕਾਰੀਆਂ ਦੀਆਂ ਬਦਲੀਆਂ ਤੇ ਤਾਇਨਾਤੀਆਂ ਨਾਲ ਕਰੋੜਾਂ ਰੁਪਏ ਦੀ ਕਮਾਈ ਦੇ ਮਾਮਲੇ ’ਚ ਘਿਰ ਗਏ ਹਨ। ਈਡੀ ਨੇ ਚੰਨੀ ਨੂੰ ਪੁੱਛਗਿੱਛ ਲਈ ਸੰਮਨ ਜਾਰੀ ਕਰ ਦਿੱਤਾ ਹੈ। ਇਸ ਮਾਮਲੇ ’ਚ ਚੰਨੀ ਦਾ ਰਿਸ਼ਤੇਦਾਰ (ਸਾਲੀ ਦਾ ਪੁੱਤਰ) ਭੁਪਿੰਦਰ ਸਿੰਘ ਹਨੀ ਦੇ ਟਿਕਾਣਿਆਂ ਤੋਂ ਈਡੀ ਦੀ ਟੀਮ ਨੇ 10 ਕਰੋੜ ਰੁਪਏ ਅਤੇ ਕੁਝ ਹੋਰ ਸਾਮਾਨ ਬਰਾਮਦ ਕੀਤਾ ਸੀ ਤੇ ਪੁੱਛਗਿੱਛ ਤੋਂ ਬਾਅਦ ਉਸ ਨੂੰ ਗਿ੍ਰਫ਼ਤਾਰ ਕਰ ਲਿਆ ਗਿਆ ਸੀ। ਇਸ ਤੋਂ ਬਾਅਦ ਜੇਲ੍ਹ ਭੇਜੇ ਗਏ ਹਨੀ ਨੇ ਅਦਾਲਤ ’ਚ ਜ਼ਮਾਨਤ ਦੀ ਪਟੀਸ਼ਨ ਲਾ ਦਿੱਤੀ ਹੈ। ਹਨੀ ’ਤੇ ਦੋਸ਼ ਹੈ ਕਿ ਉਸ ਨੇ ਆਪਣੇ ਮਾਸੜ ਚਰਨਜੀਤ ਸਿੰਘ ਚੰਨੀ ਦੇ ਇਸ਼ਾਰੇ ’ਤੇ ਨਾਜਾਇਜ਼ ਮਾਈਨਿੰਗ ਕਰਵਾ ਕੇ ਵਾਤਾਵਰਨ ਨੂੰ ਨੁਕਸਾਨ ਪਹੁੰਚਾਇਆ ਹੈ ਅਤੇ ਬਦਲੇ ’ਚ ਕਰੋੜਾਂ ਰੁਪਏ ਦੀ ਕਮਾਈ ਕੀਤੀ ਹੈ। ਈਡੀ ਦੀ ਟੀਮ ਨੇ ਹਨੀ ਦੇ ਲੁਧਿਆਣਾ ਸਮੇਤ ਹੋਰ ਟਿਕਾਣਿਆਂ ’ਤੇ ਛਾਪੇਮਾਰੀ ਕਰਕੇ 10 ਕਰੋੜ ਬਰਾਮਦ ਕੀਤੇ ਸਨ। ਇਸ ਤੋਂ ਇਲਾਵਾ ਹਨੀ ਦੇ ਕੋਲੋਂ ਲੱਖਾਂ ਰੁਪਏ ਦੀ ਕੀਮਤੀ ਘੜੀਆਂ ਤੇ ਹੋਰ ਸਮੱਗਰੀ ਬਰਾਮਦ ਕੀਤੀ ਸੀ। ਇਸ ਦੀ ਪੜਤਾਲ ਲਈ ਈਡੀ ਨੇ ਹਨੀ ਨੂੰ ਗਿ੍ਰਫ਼ਤਾਰ ਕੀਤਾ ਸੀ। ਹਨੀ ਦੇ ਟਿਕਾਣੇ ਤੋਂ ਮਿਲੇ ਦਸਤਾਵੇਜਾਂ ਦੀ ਪੜਤਾਲ ਵੀ ਕੀਤੀ ਤੇ ਇਸ ਗੱਲ ਦੀ ਜਾਣਕਾਰੀ ਇਕੱਠੀ ਕੀਤੀ ਕਿ ਹਨੀ ਕੋਲ ਆਖ਼ਿਰ 10 ਕਰੋੜ ਰੁਪਏ ਕਿੱਥੋਂ ਆਏ। ਕਿਤੇ ਇਹ ਰਕਮ ਉਸ ਨੇ ਚੰਨੀ ਦੀ ਨਾਜਾਇਜ਼ ਕਮਾਈ ਦੇ ਹਿੱਸੇ ਦੇ ਰੂਪ ’ਚ ਤਾਂ ਨਹੀਂ ਰੱਖੀ ਸੀ। ਜਿਸ ਸਮੇਂ ਈਡੀ ਨੇ ਹਨੀ ਨੂੰ ਗਿ੍ਰਫ਼ਤਾਰ ਕੀਤਾ, ਉਦੋਂ ਚੰਨੀ ਪੰਜਾਬ ਦੇ ਮੁੱਖ ਮੰਤਰੀ ਸਨ। ਚੰਨੀ ਨੇ ਇਸ ਮਾਮਲੇ ’ਚ ਖ਼ੁਦ ਨੂੰ ਪਾਕਿ-ਸਾਫ਼ ਦੱਸਦੇ ਹੋਏ ਕਿਹਾ ਸੀ ਕਿ ਜੇਕਰ ਉਨ੍ਹਾਂ ਦੇ ਕਿਸੇ ਰਿਸ਼ਤੇਦਾਰ ਨੇ ਗ਼ਲਤ ਕੰਮ ਕੀਤਾ ਹੈ ਤਾਂ ਉਸ ਦੀ ਸਜ਼ਾ ਵੀ ਉਹ ਭੁਗਤੇ। ਚੰਨੀ ਨੇ ਪੂਰੇ ਮਾਮਲੇ ’ਚ ਖ਼ੁਦ ਨੂੰ ਵੱਖ ਕਰ ਲਿਆ ਸੀ।

ਇਸ ਮਾਮਲੇ ’ਚ 30 ਮਾਰਚ ਨੂੰ ਈਡੀ ਦੀ ਟੀਮ ਨੇ ਹਨੀ ਖ਼ਿਲਾਫ਼ ਅਦਾਲਤ ’ਚ ਚਲਾਨ ਪੇਸ਼ ਕੀਤਾ ਸੀ। ਇਸ ਤੋਂ ਬਾਅਦ 6 ਅਪ੍ਰੈਲ ਨੂੰ ਜਲੰਧਰ ਸਥਿਤ ਈਡੀ ਦੀ ਵਿਸ਼ੇਸ਼ ਅਦਾਲਤ ’ਚ ਮਾਮਲੇ ਦੀ ਸੁਣਵਾਈ ਤੋਂ ਬਾਅਦ ਹਨੀ ਨੂੰ ਜੇਲ੍ਹ ’ਚ ਭੇਜ ਦਿੱਤਾ ਗਿਆ ਸੀ।

ਹੁਣ ਈਡੀ ਵੱਲੋਂ ਚੰਨੀ ਨੂੰ ਸੰਮਨ ਜਾਰੀ ਹੋਣ ਤੋਂ ਬਾਅਦ ਕਾਂਗਰਸ ਦੀ ਸਿਆਸਤ ਇਕ ਵਾਰ ਮੁੜ ਭਖ ਜਾਵੇਗੀ। ਬੇਸ਼ੱਕ ਚੰਨੀ ਦੀ ਅਗਵਾਈ ’ਚ ਕਾਂਗਰਸ ਨੂੰ ਪੰਜਾਬ ’ਚ ਬੁਰੀ ਤਰ੍ਹਾਂ ਹਾਰ ਦਾ ਸਾਹਮਣਾ ਕਰਨਾ ਪਿਆ ਹੈ ਪਰ ਨਵਜੋਤ ਸਿੰਘ ਸਿੱਧੂ ਵਰਗੇ ਨੇਤਾਵਾਂ ਨੇ ਇਸ ਤੋਂ ਬਾਅਦ ਵੀ ਇਸ ਮੁੱਦੇ ਨੂੰ ਹਾਰ ਦਾ ਕਾਰਨ ਦੱਸਿਆ ਹੈ। ਕੁਝ ਦਿਨ ਪਹਿਲਾਂ ਕਾਂਗਰਸੀ ਵਿਧਾਇਕਾਂ ਦੀ ਮੀਟਿੰਗ ’ਚ ਵੀ ਇਹ ਮੁੱਦਾ ਭਖ ਗਿਆ ਸੀ। ਹੁਣ ਚੰਨੀ ਦੇ ਈਡੀ ਦੇ ਘੇਰੇ ’ਚ ਆਉਣ ਨਾਲ ਉਨ੍ਹਾਂ ਦੀਆਂ ਮੁਸ਼ਕਲਾਂ ਵਧਣੀਆਂ ਯਕੀਨੀ ਹਨ।

Related posts

ਪਟਿਆਲਾ ਦੀ ਭਾਦਸੋਂ ਰੋਡ ’ਤੇ ਹਾਦਸੇ ’ਚ ਲਾਅ ’ਵਰਸਿਟੀ ਦੇ 4 ਵਿਦਿਆਰਥੀਆਂ ਦੀ ਮੌਤ

editor

ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ

editor

ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ- ਔਜਲਾ

editor