Punjab

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ

ਨਵੀਂ ਦਿੱਲੀ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦਿੱਲੀ ਵਿਖੇ ਮੁਲਾਕਾਤ ਕੀਤੀ ਗਈ। ਸੂਬੇ ‘ਚ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਇਹ ਭਗਵੰਤ ਮਾਨ ਦੀ ਪ੍ਰਧਾਨ ਮੰਤਰੀ ਮੋਦੀ ਨਾਲ ਪਹਿਲੀ ਰਸਮੀਂ ਮੁਲਾਕਾਤ ਹੈ। ਇਸ ਤੋਂ ਬਾਅਦ ਹੁਣ ਭਗਵੰਤ ਮਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲਣ ਜਾਣਗੇ।

ਭਗਵੰਤ ਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਾਲ ਉਨ੍ਹਾਂ ਦੀ ਮੁਲਾਕਾਤ ਖ਼ੁਸ਼ਗਵਾਰ ਮਾਹੌਲ ‘ਚ ਹੋਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਮੋਦੀ ਅੱਗੇ ਮੰਗ ਰੱਖੀ ਹੈ ਕਿ ਕੇਂਦਰ ਸਰਕਾਰ ਸੂਬੇ ਲਈ ਇਕ ਲੱਖ ਕਰੋੜ ਰੁਪਏ ਜਾਰੀ ਕਰੇ। ਭਗਵੰਤ ਮਾਨ ਨੇ ਕਿਹਾ ਕਿ ਅਸੀਂ ਸੂਬੇ ਦੇ ਵਿੱਤੀ ਹਾਲਾਤ ਨੂੰ ਸੁਧਾਰਨ ਲਈ 2 ਸਾਲਾਂ ਲਈ ਪ੍ਰਤੀ ਸਾਲ 50,000 ਕਰੋੜ ਰੁਪਏ ਦੇ ਪੈਕਜ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਰਤ ਇਕ ਮੁੰਦਰੀ ਹੈ ਅਤੇ ਪੰਜਾਬ ਉਸ ਮੁੰਦਰੀ ‘ਚ ਲੱਗਿਆ ਹੋਇਆ ਨਗ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਨਗ ਪਿਛਲੀਆਂ ਸਰਕਾਰਾਂ ਕਾਰਨ ਥੋੜ੍ਹਾ ਫਿੱਕਾ ਪੈ ਗਿਆ ਸੀ, ਜਿਸ ਨੂੰ ਮੁੜ ਚਮਕਾਵਾਂਗੇ ਅਤੇ ਪੰਜਾਬ ਨੂੰ ਦੇਸ਼ ਦਾ ਨੰਬਰ ਵਨ ਸੂਬਾ ਬਣਾ ਕੇ ਦਿਖਾਵਾਂਗੇ। ਉਨ੍ਹਾਂ ਕਿਹਾ ਕਿ ਰਾਸ਼ਟਰੀ ਸੁਰੱਖਿਆ ਨੂੰ ਬਣਾਈ ਰੱਖਣ ਲਈ ਸਾਨੂੰ ਕੇਂਦਰ ਦੇ ਸਹਿਯੋਗ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਦੀ ਆਰਥਿਕ ਹਾਲਾਤ ਡਾਵਾਂਡੋਲ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੁਲਾਕਾਤ ਤੋਂ ਬਾਅਦ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੈਨੂੰ ਜਿੱਤ ਦੀ ਵਧਾਈ ਦਿੱਤੀ ਹੈ। ਪ੍ਰਧਾਨ ਮੰਤਰੀ ਨੇ ਮੈਨੂੰ ਰਾਸ਼ਟਰੀ ਸੁਰੱਖਿਆ ‘ਤੇ ਮਦਦ ਦਾ ਭਰੋਸਾ ਦਿੱਤਾ ਹੈ। ਪ੍ਰਧਾਨ ਮੰਤਰੀ ਨੇ ਇਨ੍ਹਾਂ ਮਸਲਿਆਂ ਉੱਪਰ ਗੌਰ ਕਰਨ ਦਾ ਭਰੋਸਾ ਦਵਾਇਆ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਨਵੀਂ ਸਰਕਾਰ ਬਣਾਉਣ ਦੀ ਵਧਾਈ ਵੀ ਦਿੱਤੀ ਤੇ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ।

ਦੱਸਣਯੋਗ ਹੈ ਕਿ ਭਗਵੰਤ ਮਾਨ ਨੇ 16 ਮਾਰਚ ਨੂੰ ਖਟਕੜ ਕਲਾਂ ਵਿਖੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕੀ ਸੀ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਰਾਹੀਂ ਉਨ੍ਹਾਂ ਨੂੰ ਮੁੱਖ ਮੰਤਰੀ ਬਣਨ ਦੀ ਵਧਾਈ ਦਿੱਤੀ ਸੀ। ਅੱਜ ਦੀ ਮੁਲਾਕਾਤ ‘ਚ ਪ੍ਰਧਾਨ ਮੰਤਰੀ ਨੇ ਭਰੋਸਾ ਦਿੱਤਾ ਕਿ ਉਹ ਪੰਜਾਬ ਸਰਕਾਰ ਨਾਲ ਜੁੜੇ ਮੁੱਦਿਆਂ ਬਾਰੇ ਪੂਰੀ ਮਦਦ ਕਰਨਗੇ।

Related posts

ਪਟਿਆਲਾ ਦੀ ਭਾਦਸੋਂ ਰੋਡ ’ਤੇ ਹਾਦਸੇ ’ਚ ਲਾਅ ’ਵਰਸਿਟੀ ਦੇ 4 ਵਿਦਿਆਰਥੀਆਂ ਦੀ ਮੌਤ

editor

ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ

editor

ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ- ਔਜਲਾ

editor