Punjab

ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਗੇ ਸੋਨੇ ਦੀ ਜੋਰਾਂ-ਸ਼ੋਰਾਂ ਨਾਲ ਹੋ ਰਹੀ ਧੁਆਈ ਤੇ ਸਾਫ-ਸਫਾਈ !

ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਲੱਗੇ ਸੋਨੇ ਦੀ ਧੁਆਈ ਅਤੇ ਸਾਫ-ਸਫਾਈ ਦੀ ਸੇਵਾ ਜੋਰਾਂ-ਸ਼ੋਰਾਂ ਨਾਲ ਚੱਲ ਰਹੀ ਹੈ। ਸ਼੍ਰੋਮਣੀ ਕਮੇਟੀ ਵੱਲੋਂ ਇਹ ਸੇਵਾ ਭਾਈ ਮਹਿੰਦਰ ਸਿੰਘ ਮੁਖੀ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਦੇ ਵਲੋਂ ਨਿਭਾਈ ਜਾ ਰਹੀ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਪਾਵਨ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਗੇ ਸੋਨੇ ਦੀ ਸਾਫ-ਸਫਾਈ ਅਤੇ ਸਾਂਭ-ਸੰਭਾਲ ਵੱਲ ਵਿਸ਼ੇਸ਼ ਤਵੱਜੋਂ ਦਿੱਤੀ ਜਾਂਦੀ ਹੈ ਅਤੇ ਸਮੇਂ-ਸਮੇ ਇਸ ਦੀ ਧੁਆਈ ਦਾ ਕਾਰਜ ਭਾਈ ਮਹਿੰਦਰ ਸਿੰਘ ਬਰਮਿੰਘਮ ਵਾਲਿਆਂ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਬਾਰਿਸ਼ ਅਤੇ ਪ੍ਰਦੂਸ਼ਣ ਆਦਿ ਕਰਕੇ ਸੋਨੇ ਦੀ ਚਮਕ ਸਮਾਂ ਪਾ ਕੇ ਘੱਟ ਜਾਂਦੀ ਹੈ, ਜਿਸ ਦੀ ਸਾਫ-ਸਫਾਈ ਜ਼ਰੂਰੀ ਹੋ ਜਾਂਦੀ ਹੈ। ਇਸ ਵਾਰ ਕੋਰੋਨਾ ਕਾਰਨ ਇਹ ਸੇਵਾ ਕਰੀਬ 2 ਸਾਲ ਦੇ ਅਰਸੇ ਮਗਰੋਂ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਗੁਰੂ ਨਾਨਕ ਨਿਸ਼ਕਾਮ ਸੇਵਕ ਜਥੇ ਵੱਲੋਂ ਇਹ ਸੇਵਾ ਨਿਸ਼ਕਾਮ ਰੂਪ ਵਿਚ ਕੀਤੀ ਜਾਂਦੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਗੁਰੂ ਨਾਨਕ ਨਿਸ਼ਕਾਮ ਸੇਵਕ ਜਥੇ ਦੇ ਸੇਵਾਦਾਰਾਂ ਦਾ ਧੰਨਵਾਦ ਕਰਦਿਆਂ ਆਸ ਪ੍ਰਗਟਾਈ ਕਿ ਇਹ ਇਸੇ ਤਰ੍ਹਾਂ ਹੀ ਗੁਰੂ ਘਰ ਦੀਆਂ ਸੇਵਾਵਾਂ ਨਿਭਾਉਂਦੇ ਰਹਿਣਗੇ।

ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਦੇ ਸੇਵਾਦਾਰ ਭਾਈ ਇੰਦਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਹੋਰ ਦੱਸਿਆ ਕਿ ਜਥੇ ਵੱਲੋਂ 1995 ਤੋਂ 1999 ਤੱਕ ਪੱਤਰਿਆਂ ਦੀ ਸੇਵਾ ਪਹਿਲੀ ਵਾਰ ਕਰਵਾਈ ਗਈ ਸੀ ਅਤੇ ਉਸ ਮਗਰੋਂ ਸੋਨੇ ਦੀ ਧੁਆਈ ਦਾ ਕਾਰਜ ਲਗਾਤਾਰ ਕਰਦੇ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਇਹ ਸੇਵਾ ਕਰੀਬ 10-12 ਦਿਨ ਜਾਰੀ ਰਹੇਗੀ, ਜਿਸ ਤਹਿਤ ਪਾਵਨ ਅਸਥਾਨ ਦੇ ਬਾਹਰੀ ਹਿੱਸੇ ’ਤੇ ਲੱਗੇ ਸੋਨੇ ਦੀ ਧੁਆਈ ਕੁਦਰਤੀ ਢੰਗ ਨਾਲ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਸੋਨੇ ਦੀ ਧੁਆਈ ਲਈ ਰੀਠੇ ਨੂੰ ਉਬਾਲ ਕੇ ਉਸ ਦਾ ਪਾਣੀ ਅਤੇ ਨਿੰਬੂ ਦਾ ਰਸ ਵਰਤਿਆ ਜਾਂਦਾ ਹੈ। ਇਹ ਬਿਲਕੁਲ ਕੁਦਰਤੀ ਤਰੀਕਾ ਹੈ ਅਤੇ ਇਸ ਵਿਚ ਕਿਸੇ ਵੀ ਰਸਾਇਣ ਦੀ ਵਰਤੋਂ ਨਹੀਂ ਕੀਤੀ ਜਾਂਦੀ। ਇਸ ਤੋਂ ਪਹਿਲਾਂ ਇਸੇ ਜਥੇ ਵੱਲੋਂ ਬੀਤੇ ਦਿਨੀਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰਲੇ ਹਿੱਸੇ ਵਿਚ ਲੱਗੇ ਸੁਨਹਿਰੀ ਪੱਤਰਿਆਂ ਅਤੇ ਮੀਨਾਕਾਰੀ ਦੀ ਲੋੜ ਅਨੁਸਾਰ ਮੁਰੰਮਤ ਦਾ ਕਾਰਜ ਵੀ ਆਰੰਭਿਆ ਗਿਆ ਹੈ।

Related posts

ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ

editor

ਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ ‘ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟ

editor

ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ

editor